ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈਣ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

41

ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਵਿਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਸਾਰੇ ਹੀ ਅੰਮ੍ਰਿਤਪਾਲ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਨ੍ਹਾਂ ਵਾਪਸ ਲਿਆਉਣ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਪਹੁੰਚੀ ਹੈ।

ਜਾਣਕਾਰੀ ਮੁਤਾਬਕ ਐੱਸਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਟੀਮ ਡਿਬਰੂਗੜ੍ਹ ਜੇਲ੍ਹ ਜਾਵੇਗੀ ਜਿੱਥੋਂ ਇਨ੍ਹਾਂ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਜਿੱਥੋਂ ਟਰਾਂਜਿਟ ਰਿਮਾਂਡ ਲੈ ਕੇ ਇਨ੍ਹਾਂ ਨੂੰ ਪੰਜਾਬ ਵਿੱਚ ਦਰਜ ਕੇਸ ’ਚ ਅਗਲੇਰੀ ਕਾਰਵਾਈ ਲਈ ਲਿਆਂਦਾ ਜਾਵੇਗਾ।

ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਨਾਲ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ), ਪਪਲਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਬਸੰਤ ਸਿੰਘ ਅਤੇ ਹਰਜੀਤ ਸਿੰਘ (ਅੰਮ੍ਰਿਤਪਾਲ ਸਿੰਘ ਦਾ ਚਾਚਾ) ਬੰਦ ਹਨ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਭੀੜ ਨੇ 23 ਫਰਵਰੀ 2023 ਨੂੰ ਅਜਨਾਲਾ ਥਾਣੇ ਉਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਹਮਲਾ ਥਾਣੇ ਵਿਚ ਬੰਦ ਇੱਕ ਸਾਥੀ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਵਾਸਤੇ ਕੀਤਾ ਗਿਆ ਸੀ। ਘਟਨਾ ਤੋਂ ਬਾਅਦ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਐਨਐਸਏ ਤਹਿਤ ਹਿਰਾਸਤ ਵਿੱਚ ਲੈ ਕੇ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। NSA ਦੇ ਤਹਿਤ, ਜਨਤਕ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਵਿਅਕਤੀਆਂ ਨੂੰ ਨਜ਼ਰਬੰਦ ਕੀਤਾ ਜਾ ਸਕਦਾ ਹੈ। NSA ਦੀ ਧਾਰਾ 5 ਦੇ ਤਹਿਤ ਸ਼ੱਕੀ ਵਿਅਕਤੀਆਂ ਦਾ ਰਾਜਾਂ ਵਿਚਕਾਰ ਤਬਾਦਲਾ ਕੀਤਾ ਜਾ ਸਕਦਾ ਹੈ ਤਾਂ ਜੋ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖੀ ਜਾ ਸਕੇ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸੱਤ ਵਿਅਕਤੀਆਂ ਖ਼ਿਲਾਫ਼ ਐਨ.ਐਸ.ਏ. ਦੀ ਮਿਆਦ ਖਤਮ ਹੋ ਰਹੀ ਹੈ ਅਤੇ ਇਸ ਵਿਚ ਹੋਰ ਵਾਧਾ ਨਾ ਹੋਣ ਕਾਰਨ ਇਨ੍ਹਾਂ ਨੂੰ ਇੱਥੇ ਵਾਪਸ ਪੰਜਾਬ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਇੱਥੇ ਲਿਆ ਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਦੇ ਮਾਮਲੇ ਵਿੱਚ ਦਰਜ 39 ਨੰਬਰ ਐੱਫਆਈਆਰ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਪਾਈ ਜਾਵੇਗੀ।