ਆਈ ਪੀ ਐੱਲ ਦੀ ਤਰਜ਼ ’ਤੇ ਹੋਵੇਗੀ ਪੰਜਾਬ ਕ੍ਰਿਕਟ ਲੀਗ

11

Sell-Aid Desk 24/7- ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਕ੍ਰਿਕਟ ਲੀਗ (ਪੀ ਸੀ ਐੱਲ) ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਵਿੱਚ ਇਸ ਨਵੀਂ ਪਹਿਲਕਦਮੀ ਨੂੰ ਹਰੀ ਝੰਡੀ ਦਿੱਤੀ ਗਈ। ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਦੀ ਤਰਜ਼ ’ਤੇ ਹੋਵੇਗੀ, ਜਿਸ ਨਾਲ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਨਵੀਂ ਪ੍ਰਤਿਭਾ ਸਾਹਮਣੇ ਆਉਣ ਦੀ ਉਮੀਦ ਹੈ।

ਇਹ ਲੀਗ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ ਸੀ ਸੀ ਆਈ) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਜ਼ਿਲ੍ਹਾ ਅਤੇ ਮਾਝਾ, ਦੋਆਬਾ ਅਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ’ਤੇ ਬਣਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਕ੍ਰਿਕਟ ਦੇ ਨਾਲ-ਨਾਲ ਵਾਲੀਬਾਲ, ਫੁਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਤੇ ਰਾਜ ਪੱਧਰੀ ਲੀਗਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸਰਕਾਰ ਅਜਿਹੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਦੀ ਮੁਹਿੰਮ ’ਤੇ ਕੰਮ ਕਰ ਰਹੀ ਹੈ, ਜੋ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦੇ ਸਮਰੱਥ ਹੋਣ। ਪੰਜਾਬੀ ਖਿਡਾਰੀਆਂ ਵਿੱਚ ਅਥਾਹ ਸਮਰੱਥਾ ਹੈ, ਬੱਸ ਉਨ੍ਹਾਂ ਨੂੰ ਸਹੀ ਮੰਚ ਅਤੇ ਮਾਰਗਦਰਸ਼ਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।