ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਨਾਮਜ਼ਦ ਕੀਤੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੱਲ੍ਹ 10 ਮਾਰਚ ਨੂੰ ਅਪਣੀ ਸੇਵਾ ਸੰਭਾਲਣਗੇ। ਦੂਜੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਇਧਰ, ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਜਥੇਬੰਦੀਆਂ ਨੇ ਸਾਫ ਆਖ ਦਿੱਤਾ ਹੈ ਕਿ ਕੱਲ੍ਹ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਜੇਕਰ ਫੈਸਲਾ ਵਾਪਸ ਨਾਲ ਲਿਆ ਤਾਂ ਵੱਡੀ ਮੁਹਿੰਮ ਵਿੱਢੀ ਜਾਵੇਗੀ। ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ ਜੀ ੯੬ ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਸਾਰੀਆਂ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਸਹਿਮਤੀ ਬਣੀ ਹੈ ਕਿ ਕੱਲ੍ਹ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗਲਤੀ ਉਤੇ ਗਲਤੀ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨ ਗਿਆਨੀ ਰਘਬੀਰ ਸਿੰਘ ਦੀਆਂ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਅਤੇ ਗਿਆਨੀ ਸੁਲਤਾਨ ਸਿੰਘ ਦੀਆਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ। ਅੰਤ੍ਰਿਗ ਕਮੇਟੀ ਵੱਲੋਂ ਪੰਜਾਬ ਵਿਚਲੇ ਤਿੰਨਾਂ ਤਖ਼ਤਾਂ ਲਈ ਨਵੇਂ ਜਥੇਦਾਰ ਨਾਮਜ਼ਦ ਕੀਤੇ ਗਏ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਹੈ।














