ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ, ਇਕ ਹੋਰ ਮੁਲਾਜ਼ਮ ਗੰਭੀਰ

54

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮਹੁੰਮਦ ਖਾਂ ਵਿਖੇ ਦੋ ਧਿਰਾਂ ਵਿਚਕਾਰ ਹੋ ਰਹੇ ਝਗੜੇ ਨੂੰ ਰੋਕਣ ਗਈ ਪੁਲਸ ਪਾਰਟੀ ‘ਤੇ ਝਗੜ ਰਹੇ ਲੋਕਾਂ ਵੱਲੋਂ ਗੋਲੀ ਚਲਾਉਣ ਕਾਰਨ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੋਤ ਹੋ ਗਈ, ਜਦੋਂ ਕਿ ਇੱਕ ਹੋਰ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਬੀਤੇ ਕੁਝ ਦਿਨ ਤੋਂ ਦੋ ਧਿਰਾਂ ਵਿਚ ਝਗੜਾ ਚੱਲ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੇ ਜਾਣ ਤੋਂ ਬਾਅਦ ਦੋਵਾਂ ਪਾਰਟੀਆਂ ਨੂੰ ਪੁਲਸ ਵੱਲੋਂ ਸਮਾਂ ਦੇ ਦਿੱਤਾ ਗਿਆ। ਬੁੱਧਵਾਰ ਦੇਰ ਰਾਤ ਜਦੋਂ ਦੋਵਾਂ ਪਾਰਟੀਆਂ ਵਿਚ ਫਿਰ ਤੋਂ ਤਕਰਾਰ ਹੋਇਆ ਤਾਂ ਪੁਲਸ ਪਾਰਟੀ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ। ਇਸ ਦੌਰਾਨ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੁੱਜੇ। ਦੋਵਾਂ ਧਿਰਾਂ ਵਿਚ ਚੱਲ ਰਹੇ ਝਗੜੇ ਨੂੰ ਸ਼ਾਂਤ ਕਰਵਾਉਣ ਦੌਰਾਨ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ।
ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੁਲਸ ਪਾਰਟੀ ਵੱਲੋਂ ਹਮਲਾਵਰਾਂ ਨੂੰ ਜਦੋਂ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਪੁਲਸ ਮੁਲਾਜ਼ਮਾਂ ਉੱਪਰ ਵੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਜਦੋਂ ਹਸਪਤਾਲ ਇਲਾਜ ਲਈ ਤੁਰੰਤ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਪੁਲਸ ਮੁਲਾਜ਼ਮ ਦੀ ਰਿਵਾਲਵਰ ਤੋਂ ਗੋਲ਼ੀ ਚਲਣ ਦਾ ਖ਼ਦਸ਼ਾ!
ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਹਰਮਨ ਬੀਰ ਸਿੰਘ ਗਿੱਲ ਸਮੇਤ ਐੱਸ.ਐੱਸ.ਪੀ. ਅਭਿਮਨਿਊ ਰਾਣਾ, ਡੀ. ਐੱਸ. ਪੀ. ਅਤੁਲ ਸੋਨੀ ਮੌਕੇ ‘ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਦੌਰਾਨ ਗੋਲੀ ਚਲਾਉਣ ਸਮੇਂ ਪੁਲਸ ਮੁਲਾਜ਼ਮ ਦੀ ਰਿਵਾਲਵਰ ਦੀ ਵਰਤੋਂ ਕੀਤੇ ਜਾਣ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਇਸ ਸਬੰਧੀ ਪੁਲਸ ਅਧਿਕਾਰੀਆਂ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ।