ਸੁਪਰੀਮ ਕੋਰਟ ਨੇ ਚੰਡੀਗੜ੍ਹ ‘ਚ ਸ਼ਰਾਬ ਦੇ ਠੇਕਿਆਂ ‘ਤੇ ਲੱਗੀ ਰੋਕ ਹਟਾਈ…

53

ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਲੱਗੀ ਸਟੇਅ ਹਟਾ ਦਿੱਤੀ ਹੈ। ਦੱਸ ਦੇਈਏ ਕਿ ਇਹ ਰੋਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਗਾਈ ਸੀ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਰੋਕ ਲਗਾਉਣ ਦਾ ਆਧਾਰ ਸਪਸ਼ਟ ਨਹੀਂ ਕੀਤਾ। ਸੁਪਰੀਮ ਕੋਰਟ ਨੇ ਕੇਸ ਮੁੜ ਹਾਈਕੋਰਟ ਨੂੰ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਤਿੰਨ ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ 3 ਅਪ੍ਰੈਲ ਲਈ ਨੋਟਿਸ ਜਾਰੀ ਕਰਕੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਸਨ ਅਤੇ ਚੰਡੀਗੜ੍ਹ ‘ਚ 1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਦਿੱਤੇ ਸਨ। ਹਾਈਕੋਰਟ ਨੇ ਨਵੇਂ ਠੇਕੇ ਅਲਾਟ ਕਰਨ ਦੇ ਹੁਕਮਾਂ ‘ਤੇ 3 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਸੀ।

ਕਈ ਬਿਨੈਕਾਰਾਂ ਨੇ ਟੈਂਡਰਿੰਗ ਅਤੇ ਠੇਕੇ ਦੀ ਅਲਾਟਮੈਂਟ ਵਿਰੁੱਧ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸ਼ਹਿਰ ਦੇ 97 ਠੇਕਿਆਂ ਵਿੱਚੋਂ 91 ਠੇਕੇ ਇੱਕ ਗਰੁੱਪ ਨੂੰ ਅਲਾਟ ਕੀਤੇ ਗਏ ਸਨ, ਜਿਸ ਕਾਰਨ ਸ਼ਹਿਰ ਦੇ ਠੇਕਿਆਂ ’ਤੇ ਇਸ ਗਰੁੱਪ ਦਾ ਏਕਾਧਿਕਾਰ ਰਹੇਗਾ। ਹਾਈ ਕੋਰਟ ਨੇ ਅਲਾਟਮੈਂਟ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਇਸ ਰੋਕ ਨੂੰ ਹਟਾ ਦਿੱਤਾ ਹੈ।