ਬੀਤੇ ਦਿਨ ਹੀ ਅੰਮ੍ਰਿਤਸਰ ਦੇ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਇੱਕ ਕਥਿਤ ਦੋਸ਼ੀ ਵੱਲੋਂ ਹਥੋੜਿਆਂ ਦੇ ਨਾਲ ਤੋੜਿਆ ਗਿਆ ਅਤੇ ਇਸ ਦੇ ਨਾਲ ਹੀ ਉੱਥੇ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਉਕਤ ਘਟਨਾ ਤੋਂ ਬਾਅਦ ਦੇਸ਼ ਭਰ ਦੇ ਲੋਕਾਂ ਵਿੱਚ ਰੋਸ ਅਤੇ ਗੁੱਸੇ ਦਾ ਆਲਮ ਹੈ। ਜਿਸ ਦੇ ਚਲਦੇ ਹੋਏ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਸਮੇਤ ਵੱਖ-ਵੱਖ ਸ਼ਹਿਰਾਂ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਬੰਦ ਕਰਵਾਇਆ ਗਿਆ ਸੀ।
ਇਸ ਦੇ ਨਾਲ ਹੀ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਗੁਰੂ ਦੇ ਵਿੱਚ ਸਫਾਈ ਸੇਵਕ ਯੂਨੀਅਨ, ਭਗਵਾਨ ਵਾਲਮੀਕੀ ਸੰਘਰਸ਼ ਦਲ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਵੱਲੋਂ ਬਾਜ਼ਾਰਾਂ ਦੇ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਨਾਲ ਹੀ ਜੰਡਿਆਲਾ ਗੁਰੂ ਸ਼ਹਿਰ ਦੇ ਬਾਜ਼ਾਰਾਂ ਨੂੰ ਮੁਕੰਮਲ ਤੌਰ ਦੇ ਉੱਤੇ ਬੰਦ ਕਰਵਾਇਆ ਗਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਵੱਖ ਵੱਖ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੀ ਏਕਤਾ ਤੇ ਭਾਈਚਾਰਕ ਸਾਂਝ ਨੂੰ ਜਾਣ ਬੁੱਝ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਅਜਿਹੇ ਲੋਕਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਦਾ ਨਿਰਾਦਰ ਕਰਨ ਵਾਲੇ ਕਥਿਤ ਦੋਸ਼ੀ ਦੇ ਖਿਲਾਫ ਸਖਤ ਸਜ਼ਾਵਾਂ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਉਸਦੇ ਖਿਲਾਫ ਐੱਨਐੱਸਏ ਲਗਾਉਣ ਦੀ ਵੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਦਿੱਤੀ ਜਾਣ ਵਾਲੀ ਸਜ਼ਾ ਮਿਸਾਲ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਦੇ ਵਿੱਚ ਗਲੀਆਂ, ਚੌਂਕਾਂ, ਚੌਰਾਹਿਆਂ ਦੇ ਵਿੱਚ ਲੱਗੀਆਂ ਮੂਰਤੀਆਂ ਦਾ ਕੋਈ ਵੀ ਨੁਕਸਾਨ ਕਰਨ ਤੋਂ ਪਹਿਲਾਂ ਲੋਕ ਸਜ਼ਾ ਤੋਂ ਵਾਕਿਫ ਹੋਣ।













