Sell-Aid Desk 24/7- ਪੰਜਾਬ ਪੁਲੀਸ ਅਤੇ ਬੀ.ਐਸ.ਐਫ. ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚ ਸਾਂਝੀ ਕਾਰਵਾਈ ਕਰਦਿਆਂ 25 ਕਿੱਲੋ ਹੈਰੋਇਨ, ਦੋ ਪਿਸਤੌਲਾਂ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਅਤੇ ਬੀ.ਐਸ.ਐਫ. ਨੇ ਸਰਹੱਦ ਪਾਰੋਂ ਹੋ ਰਹੀ ਤਸਕਰੀ ਨੂੰ ਰੋਕਣ ਲਈ ਇਹ ਅਪਰੇਸ਼ਨ ਚਲਾਇਆ ਸੀ। ਫੜੇ ਗਏ ਮੁਲਜ਼ਮ ਥਾਣਾ ਭਿੰਡੀ ਸੈਦਾਂ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਘੋਗਾ ਦੇ ਰਹਿਣ ਵਾਲੇ ਹਨ।
ਮੁੱਢਲੀ ਜਾਂਚ ਮੁਤਾਬਕ ਨਸ਼ੇ ਅਤੇ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਤੋਂ ਭੇਜੀ ਗਈ ਸੀ। ਪੁਲੀਸ ਨੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਤਸਕਰੀ ਦੇ ਪਿੱਛੇ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਲਗਪਗ 100 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ।













