ਕਿਸਾਨਾਂ ਅਤੇ ਕੇਂਦਰ ਵਿਚਕਾਰ ਮੰਥਨ ਖਤਮ, ਅਗਲੀ ਮੀਟਿੰਗ 22 ਫਰਵਰੀ ਨੂੰ

31

ਕਿਸਾਨਾਂ ਅਤੇ ਕੇਂਦਰ ਵਿਚਕਾਰ ਬਾਅਦ ਦੁਪਹਿਰ ਤੋਂ ਚਲ ਰਹੀ ਮੀਟਿੰਗ ਹੁਣ ਖਤਮ ਹੋ ਗਈ ਹੈ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਦੱਸ ਦਈਏ ਕਿ ਅੱਜ ਦੀ ਮੀਟਿੰਗ ਵਿੱਚ ਦਿੱਲੀ ਤੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨਾਂ ਨੇ ਸ਼ਿਰਕਤ ਕੀਤੀ।

ਚੰਡੀਗੜ੍ਹ ਦੇ ਸੈਕਟਰ 26 ਵਿਖੇ ਹੋਈ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਹੈ। ਕਰੀਬ ਪੌਣੇ 3 ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਕੇਂਦਰ ਵੱਲੋਂ ਕਿਸਾਨਾਂ ਨੂੰ ਅਗਲੀ ਮੀਟਿੰਗ ਲਈ 22 ਫਰਵਰੀ ਦਾ ਸਮਾਂ ਦੇ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਲ ਹੋਵੇਗੀ।

ਤੁਹਾਨੂੰ ਦੱਸ ਦਈਏ ਕਿ ਇਸ ਮੀਟਿੰਗ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਢਾਈ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਪੰਜਾਬ ਦੇ ਮੰਤਰੀ ਵੀ ਮੌਜੂਦ ਰਹੇ ਸਨ। ਇਸ ਮੀਟਿੰਗ ਕਾਫੀ ਸਕਾਰਾਤਮਕ ਮੰਨੀ ਜਾ ਰਹੀ ਹੈ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਵਧੀਆ ਪੱਧਰ ‘ਤੇ ਹੋਈ ਹੈ, ਜਿਸ ਤੋਂ ਉਮੀਦ ਹੈ ਕਿ ਕਿਸਾਨਾਂ ਦੀ ਮਿਹਨਤ ਰੰਗ ਲਿਆਵੇਗੀ ਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਅੰਦੋਲਨ ਦੀ ਜਿੱਤ ਦਾ ਐਲਾਨ ਕਰੇਗੀ।