ਘਰ ‘ਚ ਮੀਟਰ ਲਾਉਣ ਲਈ ਰਿਸ਼ਵਤ ਲੈਂਦਿਆਂ ਪੀਸੀਪੀਸੀਐਲ ਦਾ ਮੁਲਾਜ਼ਮ ਗ੍ਰਿਫ਼ਤਾਰ

43

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ, ਪਿੰਡ ਬਡਿੰਗ, ਜਲੰਧਰ ਛਾਉਣੀ ਵਿਖੇ ਤਾਇਨਾਤ ਸ਼ਿਕਾਇਤ ਪ੍ਰਬੰਧਨ ਸ਼ਾਖਾ (ਸੀ.ਐਚ.ਬੀ.) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਸੈਨਿਕ ਵਿਹਾਰ, ਪਿੰਡ ਢਿੱਲਵਾਂ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਜਲੰਧਰ ਦੀ ਰੋਜ਼ ਕਲੋਨੀ ਬਡਿੰਗ ਵਿਖੇ ਆਪਣੇ ਰਿਸ਼ਤੇਦਾਰ ਦੇ ਘਰ ਘਰੇਲੂ ਬਿਜਲੀ ਸਪਲਾਈ ਲਈ ਨਵਾਂ ਮੀਟਰ ਲਗਾਉਣ ਬਦਲੇ ਸਬੰਧਤ ਜੂਨੀਅਰ ਇੰਜੀਨੀਅਰ (ਜੇ.ਈ.) ਸੁਰਜੀਤ ਸਿੰਘ ਲਈ 5000 ਰੁਪਏ ਅਤੇ ਆਪਣੇ ਲਈ 500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਸੀ.ਐੱਚ.ਬੀ ਨੇ ਮਿਤੀ 31-01-2025 ਨੂੰ ਉਸ ਘਰ ਵਿਚ ਬਿਜਲੀ ਦਾ ਮੀਟਰ ਲਗਾਉਂਦੇ ਸਮੇਂ ਉਸ ਪਾਸੋਂ 3500 ਰੁਪਏ ਲੈ ਲਏ ਅਤੇ ਬਾਕੀ ਰਕਮ ਬਾਅਦ ਵਿਚ ਦੇਣ ਲਈ ਕਿਹਾ। ਹੁਣ ਮੁਲਜ਼ਮ ਪੀੜਤ ਤੋਂ 2000 ਰੁਪਏ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ ਅਤੇ ਧਮਕੀਆਂ ਦੇ ਰਿਹਾ ਹੈ ਕਿ ਨਹੀਂ ਤਾਂ ਉਹ ਮੀਟਰ ਉਤਾਰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਜਿਸ ਦੌਰਾਨ ਸੀ.ਐਚ.ਬੀ ਸਹਾਇਕ ਨੂੰ 2 ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤਕਰਤਾ ਪਾਸੋਂ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਜੇ.ਈ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।