ਅੰਮ੍ਰਿਤਸਰ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਅਪਮਾਨ ਨੂੰ ਲੈ ਕੇ ਕਾਂਗਰਸ ਨੇ ਨਯਾ ਨੰਗਲ ਦੇ ਬਾਬਾ ਸਾਹਿਬ ਅੰਬੇਡਕਰ ਪਾਰਕ ‘ਚ ਧਰਨਾ ਦਿੱਤਾ। ਧਰਨੇ ਵਿੱਚ ਸ਼ਾਮਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਆਪਣੇ ਕਾਂਗਰਸੀ ਸਾਥੀਆਂ ਸਮੇਤ ਪੁੱਜੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਦੇਸ਼ ਦੇ 140 ਕਰੋੜ ਲੋਕਾਂ ਦਾ ਅਪਮਾਨ ਹੈ।
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੇਪੀ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਨੇ ਜੋ ਵੀ ਕੀਤਾ, ਉਹ ਆਪਣੇ ਲਈ ਨਹੀਂ ਸਗੋਂ ਪੂਰੇ ਦੇਸ਼ ਲਈ ਕੀਤਾ। ਇਸ ਲਈ ਉਹਨਾਂ ਦਾ ਅਪਮਾਨ ਅਸਹਿਣਯੋਗ ਹੈ। ਉਨ੍ਹਾਂ ਇਸ ਘਟਨਾ ਨੂੰ ਵੱਡੀ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ, ਇਸ ਦਾ ਪਰਦਾਫਾਸ਼ ਕਰਨ ਦੀ ਲੋੜ ਪ੍ਰਗਟਾਈ। ਉਨ੍ਹਾਂ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਦੇ ਇਕ ਚੋਟੀ ਦੇ ਆਗੂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਘਟਨਾ ‘ਤੇ ਸਪੱਸ਼ਟ ਸਟੈਂਡ ਦੇਣਾ ਚਾਹੀਦਾ ਹੈ।
ਇਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ ਕਿ ਇਹ ਮਾਮਲਾ ਸੁਰੱਖਿਆ ਅਤੇ ਸ਼ਾਂਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਣਾ ਗੈਰ-ਜ਼ਿੰਮੇਵਾਰਾਨਾ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਕਿ ਇਸ ਸ਼ਰਮਨਾਕ ਘਟਨਾ ’ਤੇ ਤੁਰੰਤ ਠੋਸ ਕਾਰਵਾਈ ਕੀਤੀ ਜਾਵੇ।













