ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਕਾਰਵਾਈ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਅਧਿਕਾਰੀਆਂ ਨੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਵਿਰੁੱਧ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਅਜੇ ਤੱਕ ਅੱਗ ਨਹੀਂ ਵਧਾਇਆ ਹੈ, ਜਿਸ ਨਾਲ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦਾ ਜਾ ਸਕੇਗਾ।
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਵਿਰੁੱਧ ਐਨਐਸਏ ਨੂੰ ਅੱਗੇ ਨਹੀਂ ਵਧਾਇਆ ਹੈ। ਇਸ ਫੈਸਲੇ ਨਾਲ ਉਨ੍ਹਾਂ ਨੂੰ ਪੰਜਾਬ ਵਾਪਸ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਜਿੱਥੇ ਉਹ ਅਜਨਾਲਾ ਥਾਣੇ ‘ਤੇ ਹਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਗੇ। ਇਹ ਕਦਮ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਲਈ ਪੰਜਾਬ ਪੁਲਿਸ ਦੀ ਵਿਆਪਕ ਰਣਨੀਤੀ ਦਾ ਹਿੱਸਾ ਹੋ ਸਕਦਾ ਹੈ।
ਸੂਤਰਾਂ ਮੁਤਾਬਕ ਵਾਰਿਸ ਪੰਜਾਬ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਅਤੇ ਜੀਤ ਸਿੰਘ ਤੋਂ ਇਲਾਵਾ ਬਾਕੀ ਨਜ਼ਰਬੰਦਾਂ ਉਤੇ ਐਨਐਸਏ ਵਧਾਉਣ ਦਾ ਅਜੇ ਤੱਕ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ 19 ਮਾਰਚ ਨੂੰ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ’ ਬਾਜੇਕੇ ਸਮੇਤ ਸੱਤ ਵਿਅਕਤੀਆਂ ਲਈ NSA ਖਤਮ ਹੋਣ ਦੀ ਸੰਭਾਵਨਾ ਹੈ।
ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਨਾਲ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ), ਪਪਲਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਬਸੰਤ ਸਿੰਘ ਅਤੇ ਹਰਜੀਤ ਸਿੰਘ (ਅੰਮ੍ਰਿਤਪਾਲ ਸਿੰਘ ਦਾ ਚਾਚਾ) ਬੰਦ ਹਨ।
ਅਜਨਾਲਾ ਕਾਂਡ ਦਾ ਪਿਛੋਕੜ
23 ਫਰਵਰੀ 2023 ਨੂੰ ਲਗਭਗ 200-250 ਲੋਕਾਂ ਦੀ ਭੀੜ ਨੇ ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਇਹ ਭੀੜ ਹਥਿਆਰਾਂ ਨਾਲ ਲੈਸ ਸੀ ਅਤੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸੀ। ਇਸ ਦਾ ਮਕਸਦ ਉਨ੍ਹਾਂ ਦੇ ਇੱਕ ਸਾਥੀ ਨੂੰ ਪੁਲਿਸ ਦੀ ਗ੍ਰਿਫ਼ਤ ਤੋਂ ਛੁਡਾਉਣਾ ਸੀ। ਇਸ ਝੜਪ ਵਿੱਚ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।
ਕਾਨੂੰਨੀ ਕਾਰਵਾਈ ਅਤੇ ਨਜ਼ਰਬੰਦੀ
ਘਟਨਾ ਤੋਂ ਬਾਅਦ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਐਨਐਸਏ ਤਹਿਤ ਹਿਰਾਸਤ ਵਿੱਚ ਲੈ ਕੇ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। NSA ਦੇ ਤਹਿਤ, ਜਨਤਕ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਵਿਅਕਤੀਆਂ ਨੂੰ ਨਜ਼ਰਬੰਦ ਕੀਤਾ ਜਾ ਸਕਦਾ ਹੈ। NSA ਦੀ ਧਾਰਾ 5 ਦੇ ਤਹਿਤ ਸ਼ੱਕੀ ਵਿਅਕਤੀਆਂ ਦਾ ਰਾਜਾਂ ਵਿਚਕਾਰ ਤਬਾਦਲਾ ਕੀਤਾ ਜਾ ਸਕਦਾ ਹੈ ਤਾਂ ਜੋ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖੀ ਜਾ ਸਕੇ।













