ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ “ਸੰਚਾਰ” ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

44

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਦੀ ਤਰਜ ਤੇ ਬੀ.ਐਸ.ਐਫ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ‘ਚ ਸਹਿਯੋਗ ਕਰਨ ਅਤੇ ਸਰਹੱਦੀ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ “ਸੰਚਾਰ” ਪ੍ਰਾਜੈਕਟ ਸ਼ੁਰੂ ਕੀਤਾ ਗਿਆ। ਇਸ ਪ੍ਰੀ-ਰਿਕਰੂਟਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਰਹੱਦੀ ਪਿੰਡਾਂ ਦੇ 25  ਨੌਜਵਾਨਾਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਸਲੋਗਨ ਵਾਲੀਆਂ ਟੀ-ਸ਼ਰਟਾਂ/ਕਿੱਟਾਂ ਜਾਰੀ ਕਰਕੇ ਕੀਤੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਐਡਵੋਕੇਟ ਰਜਨੀਸ਼ ਦਹੀਆ, ਫੌਜਾ ਸਿੰਘ ਸਰਾਰੀ, ਮਲਕੀਤ ਥਿੰਦ ਜਿਲ੍ਹਾ ਪ੍ਰਧਾਨ,ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀ.ਆਈ.ਜੀ. ਸਵੱਪਨ ਸ਼ਰਮਾ, ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਫੌਜ਼ ਅਤੇ ਪੁਲਿਸ ਵਿੱਚ ਭਰਤੀ ਲਈ ਸਮਰੱਥ ਬਣਨ ਦੀ ਪ੍ਰੇਰਣਾ ਦੇਵੇਗਾ। ਉਨ੍ਹਾਂ ਨੇ ਇਸ ਉਪਰਾਲੇ ਲਈ ਬੀ.ਐੱਸ.ਐੱਫ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗਾ ਉਥੇ ਹੀ ਉਨ੍ਹਾਂ ਨੂੰ ਵੱਖ-ਵੱਖ ਸੈਨਾਵਾਂ ਵਿੱਚ ਭਰਤੀ ਲਈ ਵੀ ਸਹਿਯੋਗੀ ਹੋਵੇਗਾ। ਇਹ ਨੌਜਵਾਨ ਹੋਰਨਾਂ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।

ਬੀ.ਐੱਸ.ਐੱਫ. ਦੇ ਬ੍ਰਿਗੇਡੀਅਰ ਵਿਜੈ ਸਿੰਘ ਰਾਣਾ ਨੇ (ਰਿਟਾ.) ਡੀ.ਆਈ.ਜੀ. ਸੈਕਟਰ ਹੈੱਡਕੁਆਟਰਸ ਬੀ.ਐੱਸ.ਐੱਫ. ਫਿਰੋਜ਼ਪੁਰ ਦੀ ਅਗਵਾਈ ਵਿੱਚ ਡਿਪਟੀ ਕਮਾਂਡੈਂਟ ਨਗੇਂਦਰ ਯਾਦਵ ਅਤੇ ਸਹਾਇਕ ਕਮਾਂਡੈਂਟ ਨੇਮੀਚਾਂਦ ਜਾਟ ਵੱਲੋਂ ਇਨ੍ਹਾਂ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ 4 ਹਫ਼ਤਿਆਂ ਦੇ ਪਾਇਲਟ ਪ੍ਰਾਜੈਕਟ ਦੌਰਾਨ ਪ੍ਰੀ-ਰਿਕਰੂਟਮੈਂਟ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਇਨ੍ਹਾ ਨੌਜਵਾਨਾਂ ਦੇ ਗਿਆਨ ਵਿੱਚ ਵੀ ਵਾਧਾ ਹੋਵੇਗਾ ਅਤੇ ਉਹ ਸਰਕਾਰੀ ਨੌਕਰੀਆਂ ਖਾਸ ਕਰਕੇ ਫੌਜ ਅਤੇ ਪੁਲਿਸ ਦੀ ਭਰਤੀ ਲਈ ਯੋਗ ਬਨਣਗੇ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਨਿਸ਼ਚਤ ਤੌਰ ਤੇ ਸਰਹੱਦੀ ਖੇਤਰਾਂ ਦੇ ਵਿਕਾਸ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਬੀ.ਐੱਸ.ਐੱਫ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਜਿਹੇ ਉਪਰਾਲੇ ਜਾਰੀ ਰਹਿਣਗੇ।