ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ 11, ਪਿੰਡ ਭਗਵਾਲਾ ਦੇ ਵਸਨੀਕਾਂ ਨੇ ਆਪਣੇ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਦੀ ਕਮੀ ਨੂੰ ਲੈ ਕੇ ਨਗਰ ਪੰਚਾਇਤ ਦਫਤਰ ਸਾਹਮਣੇ ਰੋਸ ਪ੍ਰਗਟ ਕੀਤਾ। ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਵੀ ਪਾਈਪ ਲਾਈਨ ਨਹੀਂ ਵਿਛਾਈ ਗਈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਤੋਂ ਇਲਾਵਾ, ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਬਰਸਾਤ ਦੇ ਦਿਨਾਂ ਵਿੱਚ ਪਿੰਡ ਵਿੱਚ ਪਾਣੀ ਭਰ ਜਾਂਦਾ ਹੈ, ਕਿਉਂਕਿ ਉਨ੍ਹਾਂ ਦੇ ਪਿੰਡ ਦੀ ਸਥਿਤੀ ਦੋਵਾਂ ਪਾਸੇ ਨਹਿਰਾਂ ਦੇ ਵਿਚਕਾਰ ਹੋਣ ਕਰਕੇ ਨਿਕਾਸੀ ਦੀ ਕੋਈ ਯੋਜਨਾ ਨਹੀਂ ਬਣਾਈ ਗਈ। ਵਸਨੀਕਾਂ ਨੇ ਕਿਹਾ ਕਿ ਹਰੇਕ ਬਰਸਾਤ ਵਿੱਚ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਔਖੀ ਹੋ ਜਾਂਦੀ ਹੈ।
ਇਸ ਸਮੱਸਿਆ ਦਾ ਹੱਲ ਲੱਭਣ ਅਤੇ ਨਗਰ ਪੰਚਾਇਤ ਨੂੰ ਆਪਣੀ ਮੰਗ ਵੱਲ ਧਿਆਨ ਦੇਣ ਲਈ, ਵਸਨੀਕਾਂ ਨੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਸੁਰਿੰਦਰ ਪਾਲ ਕੋੜਾ ਨੂੰ ਇੱਕ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਦੀ ਮੰਗ ਹੈ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਾਫ਼ ਸੁਥਰੇ ਪ੍ਰਬੰਧ ਕੀਤੇ ਜਾਣ, ਤਾਂ ਜੋ ਆਉਣ ਵਾਲੀ ਬਰਸਾਤ ‘ਚ ਉਨ੍ਹਾਂ ਨੂੰ ਨੁਕਸਾਨ ਨਾ ਝੱਲਣਾ ਪਵੇ।
ਇਸ ਤੋਂ ਇਲਾਵਾ, ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਕੂਲ ਤੱਕ ਜਾਣ ਵਾਲੀ ਸੜਕ ਦੀ ਹਾਲਤ ਵੀ ਬਹੁਤ ਹੀ ਖਰਾਬ ਹੈ, ਪਰ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੀ ਇਹ ਮੰਗ ਅਣਸੁਣੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਹ ਸੜਕ ਸਿਰਫ਼ ਸਿਆਸੀ ਦਬਾਅ ਹੇਠ ਨਹੀਂ ਬਣਾਈ ਜਾ ਰਹੀ।
ਵਸਨੀਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵਲੋਂ ਹੋਰ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।













