ਪੰਜਾਬੀ ਯੂਨੀਵਰਸਿਟੀ ਵੱਲੋਂ ਮਹਾਨਕੋਸ਼ ਦੀ ਬੇਅਦਬੀ ਅਤਿ ਨਿੰਦਣਯੋਗ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਜਥੇਦਾਰ ਕੁਲਦੀਪ ਸਿੰਘ ਗੜਗੱਜ

100

Sell-Aid Desk24/7-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਸਿੱਖਾਂ ਦੀ ਅਤਿ ਅਹਿਮ ਵਿਰਾਸਤ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਹਵਾਲੇ ਵੀ ਦਿੱਤੇ ਗਏ ਹਨ ਅਤੇ ਇਸ ਤੋਂ ਪੁਰਾਤਨ ਇਤਿਹਾਸ ਤੇ ਸਰੋਤਾਂ ਬਾਰੇ ਅਹਿਮ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਸਾਹਿਤ ਦਾ ਇੱਕ ਅਨਮੋਲ ਖਜਾਨਾ ਹੈ ਜੋ ਕਿ ਸਿੱਖ ਇਤਿਹਾਸ ਦੀ ਖੋਜ ਵਿੱਚ ਦਿਲਚਲਪੀ ਰੱਖਣ ਵਾਲੇ ਖੋਜਾਰਥੀਆਂ ਨੂੰ ਅੱਜ ਵੀ ਸੇਧ ਦਿੰਦਾ ਹੈ। ਜਥੇਦਾਰ ਗੜਗੱਜ ਨੇ ਕਿ ਕਿਹਾ ਕਿ ਮਹਾਨਕੋਸ਼ ਦੀ ਬੇਅਦਬੀ ਦੇ ਮਾਮਲੇ ਵਿੱਚ ਸਿੱਖ ਵਿਦਿਆਰਥੀਆਂ ਅਤੇ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਮਾਮਲੇ ਤੇ ਪਬਲੀਕੇਸ਼ਨ ਬਿਊਰੋ ਦੇ ਮੁਖੀ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਪੰਜਾਬ ਪੁਲਿਸ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣੀ ਯਕੀਨੀ ਬਣਾਵੇ। ਉਨ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਨੂੰ ਆਦੇਸ਼ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਜਿੱਥੇ ਇਹ ਗਲਤ ਕਾਰਵਾਈ ਕੀਤੀ ਗਈ ਹੈ, ਉੱਥੇ ਮੌਜੂਦ ਮਹਾਨਕੋਸ਼ ਦੀਆਂ ਸਾਰੀਆਂ ਕਾਪੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਲੈ ਕੇ ਢੁਕਵੀਂ ਥਾਂ ਉੱਤੇ ਸਸਕਾਰ ਸੇਵਾ ਆਪਣੀ ਨਿਗਰਾਨੀ ਵਿੱਚ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਸਕਾਰ ਸੇਵਾ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਇਸ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਹੀ ਭੇਜੀ ਜਾਵੇ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਯੂਨੀਵਰਸਿਟੀ ਕੈਂਪਸ ਵਿੱਚ ਮੌਜੂਦ ਗੁਰਦੁਆਰਾ ਸਾਹਿਬ ਦੇ ਅੰਦਰ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ ਗੁਰੂ ਸਾਹਿਬ ਜੀ ਤੋਂ ਖਿਮਾ ਜਾਚਨਾ ਅਤੇ ਅਰਦਾਸ ਬੇਨਤੀ ਕਰਨ ਦੀ ਤਾਕੀਦ ਕੀਤੀ। ਜਥੇਦਾਰ ਗੜਗੱਜ ਨੇ ਸਮੂਹ ਸਿੱਖ ਜਥੇਬੰਦੀਆਂ ਤੇ ਵਿਦਿਆਰਥੀਆਂ ਨੂੰ ਸ਼ਾਂਤਮਈ ਰਹਿਣ ਦੀ ਅਪੀਲ ਕੀਤੀ।