ਫੂਡ ਕਮਿਸ਼ਨ ਮੈਂਬਰ ਨੇ ਆਂਗਣਵਾੜੀ ਕੇਂਦਰਾਂ ਦਾ ਕੀਤਾ ਨਿਰੀਖਣ, ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦਾ ਲਿਆ ਜਾਇਜ਼ਾ

32

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚੱਲ ਰਹੀਆਂ ਲਾਭਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।

ਨਿਰੀਖਣ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੁਸ਼ਿਆਰਪੁਰ ਚੌਂਕ, ਫਗਵਾੜਾ ਵਿਖੇ ਪਰੋਸੇ ਜਾਣ ਵਾਲੇ ਖਾਣੇ ਵਿੱਚ ਕੁਝ ਖਾਮੀਆਂ ਪਾਈਆਂ ਗਈਆਂ, ਜਿਸ ਸਬੰਧੀ ਫੂਡ ਕਮਿਸ਼ਨਰ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਅਤੇ ਏ.ਡੀ.ਸੀ.(ਡੀ) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਣ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਿਜੇ ਦੱਤ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ  ਨੂੰ ਜਨਤਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਇਸ ਹੈਲਪਲਾਈਨ ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਨਿਰੀਖਣ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਮਿਡ-ਡੇ-ਮੀਲ ਦੇ ਨਿਰੀਖਣ ਰਜਿਸਟਰ ਨੂੰ ਸਹੀ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਅਤੇ ਖਾਣ-ਪੀਣ ਦੀ ਪ੍ਰਕਿਰਿਆ ਵਿੱਚ ਸਾਫ਼-ਸਫ਼ਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਕੂਲੀ ਬੱਚਿਆਂ ਨਾਲ ਮਿਡ-ਡੇ-ਮੀਲ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਖਾਣਾ ਵੀ ਖਾਧਾ। ਉਨ੍ਹਾਂ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਰੈਗੂਲਰ ਸਿਹਤ ਜਾਂਚ ਅਤੇ ਮਿਡ-ਡੇ-ਮੀਲ ਵਰਕਰਾਂ ਦੇ ਮੈਡੀਕਲ ਚੈਕਅੱਪ ਦੇ ਪ੍ਰਬੰਧ ਕੀਤੇ ਜਾਣ।