ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮਾਨ ਨੂੰ ਲੈ ਕੇ ਚੱਲ ਰਹੀ ਲੜਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਲੁਧਿਆਣਾ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਢਾਹੁਣ ਵਾਲੇ ਮਤਿਆਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਚਿੱਠੀ ਲਿਖ ਕੇ ਬਾਦਲ ਧੜੇ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਰਤਣ ਦੀ ਇਜਾਜ਼ਤ ਨਾ ਦੇਣ ਦੀ ਮੰਗ ਕੀਤੀ ਗਈ।
ਮੈਂਬਰਾਂ ਨੇ ਸਾਂਝੇ ਤੌਰ ‘ਤੇ ਮਤਾ ਪਾਸ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਭਾਵੇਂ ਅਕਾਲ ਤਖ਼ਤ ਸਾਹਿਬ ਤੋਂ ਹੋਈ ਸੀ, ਪਰ ਮੌਜੂਦਾ ਬਾਦਲ ਧੜੇ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਨੂੰ ਸਿੱਧਾ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਮੀਡੀਆ ਰਾਹੀਂ ਇਹ ਵੀ ਕਿਹਾ ਕਿ ਪਾਰਟੀ ਦੀ ਮਾਨਤਾ ਤਦ ਹੀ ਬਚ ਸਕਦੀ ਹੈ ਜੇ ਅਕਾਲ ਤਖ਼ਤ ਦੇ ਹੁਕਮ ਪਾਰਟੀ ‘ਤੇ ਲਾਗੂ ਨਾ ਕੀਤੇ ਜਾਣ।
ਐਸਜੀਪੀਸੀ ਮੈਂਬਰਾਂ ਨੇ ਇਸ ਨੂੰ ਪੰਥਕ ਬਾਗ਼ੀਪਨ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਪਾਰਟੀ ਨੂੰ ਨਾਂ ਹੀ ਸਿੱਖ ਸੰਸਥਾਵਾਂ ਅਤੇ ਨਾਂ ਹੀ ਅਕਾਲੀ ਇਤਿਹਾਸ ਨਾਲ ਜੁੜੀਆਂ ਇਮਾਰਤਾਂ ਨੂੰ ਵਰਤਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਉਨ੍ਹਾਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤਾੜਨਾ ਕਰਦਿਆਂ ਤੁਰੰਤ ਪ੍ਰਭਾਵ ਨਾਲ ਬਾਦਲ ਧੜੇ ਨੂੰ ਰੋਕ ਲਗਾਉਣ ਦੀ ਮੰਗ ਕੀਤੀ।
ਅੱਜ ਦੀ ਮੀਟਿੰਗ ਵਿੱਚ ਬੀਬੀ ਜਗੀਰ ਕੌਰ ਦੇ ਨਾਲ ਨਾਲ ਐਸਜੀਪੀਸੀ ਮੈਂਬਰ ਡਾ. ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਕੁਲਦੀਪ ਕੌਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਸਵੰਤ ਸਿੰਘ ਪੁੜੈਣ, ਕਰਨੈਲ ਸਿੰਘ ਪੰਜੋਲੀ, ਅਮਰੀਕ ਸਿੰਘ ਸ਼ਾਹਪੁਰ, ਸਤਵਿੰਦਰ ਸਿੰਘ ਟੌਹੜਾ, ਹਰਜਾਪ ਸਿੰਘ, ਬਿਕਰਮਜੀਤ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਮਲਕੀਤ ਕੌਰ, ਮਲਕੀਤ ਸਿੰਘ ਚੰਗਾਲ, ਅਤੇ ਨਿਰਮੈਲ ਸਿੰਘ ਜੌਲਾ ਹਾਜ਼ਰ ਰਹੇ।













