ਮੈਡੀਕਲ ਕਾਲਜ ਦੇ ਡਾਕਟਰ ਨੂੰ ਰਿਸ਼ਵਤ ਦੇਣ ਦੇ ਇਲਜ਼ਾਮ, ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ

32

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਡਿਊਟੀ ‘ਤੇ ਤਾਇਨਾਤ ਡਾਕਟਰ ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਦੋਵੇਂ ਵਿਅਕਤੀ ਪਿੰਡ ਅਰਾਈਆਂ ਵਾਲਾ ਕਲਾਂ ਦੇ ਰਹਿਣ ਵਾਲੇ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਜਗਮੀਤ ਸਿੰਘ ਅਤੇ ਦੂਜੇ ਦਾ ਨਾਮ ਹਰਚਰਨ ਸਿੰਘ ਸੰਧੂ ਹੈ।

ਮਿਲੀ ਜਾਣਕਾਰੀ ਮੁਤਾਬਕ, ਜਗਮੀਤ ਸਿੰਘ ਇਕ ਲੜਾਈ-ਝਗੜੇ ਦੇ ਮਾਮਲੇ ਵਿੱਚ ਜ਼ਖ਼ਮੀ ਹੋ ਕੇ ਮੈਡੀਕਲ ਕਾਲਜ ਹਸਪਤਾਲ ਵਿਖੇ ਇਲਾਜ ਲਈ ਆਇਆ ਸੀ। ਇਲਾਜ ਦੌਰਾਨ ਉਸਨੇ ਡਿਊਟੀ ‘ਤੇ ਮੌਜੂਦ ਡਾਕਟਰ ਨੂੰ ਆਪਣੇ ਹੱਕ ਵਿੱਚ ਐਮਐਲਆਰ ਰਿਪੋਰਟ ਬਣਾਉਣ ਲਈ 10 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। ਡਾਕਟਰ ਵੱਲੋਂ ਇਸ ਦੀ ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਜਗਮੀਤ ਅਤੇ ਉਸਦੇ ਸਾਥੀ ਹਰਚਰਨ ਸਿੰਘ ਖਿਲਾਫ ਥਾਣਾ ਸਿਟੀ ਵਿਖੇ ਰਿਸ਼ਵਤ ਦੀ ਕੋਸ਼ਿਸ਼ ਅਤੇ ਹੋਰ ਸਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ, ਇਕ ਦਿਨ ਪਹਿਲਾਂ ਜਗਮੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿੰਡ ਦੇ ਪੂਰਨ ਸਿੰਘ ਦੇ ਘਰ ‘ਤੇ ਹਮਲਾ ਕੀਤਾ ਸੀ। ਹਮਲੇ ਤੋਂ ਬਾਅਦ ਜਗਮੀਤ ਆਪਣੇ ਆਪ ਨੂੰ ਜ਼ਖ਼ਮੀ ਦੱਸਦਿਆਂ ਮੈਡੀਕਲ ਬਣਵਾਉਣ ਹਸਪਤਾਲ ਆਇਆ, ਜਿੱਥੇ ਉਸਨੇ ਡਾਕਟਰ ਨੂੰ ਰਿਪੋਰਟ ਹੱਕ ਵਿੱਚ ਲਿਖਣ ਲਈ ਰਿਸ਼ਵਤ ਦੀ ਪੇਸ਼ਕਸ਼ ਕੀਤੀ। ਡੀਐਸਪੀ ਤਰਲੋਚਨ ਸਿੰਘ ਨੇ ਪੁਸ਼ਟੀ ਕੀਤੀ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।