Sell-Aid Desk 24/7- ਸ਼ਹਿਰ ’ਚ ਵਾਲਮੀਕਿ ਸਮਾਜ ਦੇ ਵੱਖ-ਵੱਖ ਸੰਗਠਨਾਂ ਦੇ ਨੇਤਾਵਾਂ ਨੇ 6 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ’ਚ ਬੰਦ ਦਾ ਸੱਦਾ ਦਿੱਤਾ ਹੈ। ਇਸ ਸਬੰਧ ’ਚ ਵਾਲਮੀਕਿ ਸਮਾਜ ਦੇ ਨੇਤਾ ਚਰਨਜੀਤ ਹੰਸ ਨੇ ਦੱਸਿਆ ਕਿ ਮੰਸੂਰਵਾਲ ਦੇ ਨੇੜੇ ਸਥਾਪਿਤ ਭਗਵਾਨ ਵਾਲਮੀਕਿ ਦੀ ਮੂਰਤੀ ਕੋਲ ਬੀਤੇ ਸਾਲ ਆਮ ਆਦਮੀ ਪਾਰਟੀ ਦੀ ਨੇਤਾ ਮੰਜੂ ਰਾਣਾ ਵੱਲੋਂ ਸਮਾਜ ਦੇ ਕੁਝ ਲੋਕਾਂ ਲਈ ਇਤਾਰਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਇਸ ਮਾਮਲੇ ਬਾਰੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਨਾਲ ਸਮਾਜ ਦੇ ਲੋਕਾਂ ’ਚ ਰੋਸ ਫੈਲਿਆ ਹੈ। ਇਸੇ ਦੇ ਵਿਰੋਧ ’ਚ 6 ਜਨਵਰੀ ਨੂੰ ਕਪੂਰਥਲਾ ਸ਼ਹਿਰ ਦੇ ਸਾਰੇ ਬਾਜ਼ਾਰਾਂ ਤੇ ਹੋਰ ਸੰਸਥਾਵਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਨੇਤਾ ਚਰਨਜੀਤ ਹੰਸ ਨੇ ਇਹ ਵੀ ਸਪਸ਼ਟ ਕੀਤਾ ਕਿ ਸਾਰੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਬੰਦ ਦੌਰਾਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਾਜ਼ਾਰ ਬੰਦ ਰੱਖੇ ਜਾਣ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਜਿਨ੍ਹਾਂ ਨਿੱਜੀ ਸਕੂਲਾਂ ’ਚ ਪੇਪਰ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਬੰਦ ਤੋਂ ਛੋਟ ਦਿੱਤੀ ਜਾਵੇਗੀ।
ਵਾਲਮੀਕਿ ਸਮਾਜ ਦੇ ਨੇਤਾਵਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ’ਚ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ, ਜਿਸ ਨਾਲ ਭਵਿੱਖ ’ਚ ਅਜਿਹੀਆਂ ਘਟਨਾਵਾਂ ਮੁੜ ਨਾ ਹੋਣ। ਡੀਐੱਸਪੀ ਸਬ-ਡਿਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਫਿਲਹਾਲ ਵਾਲਮੀਕਿ ਸਮਾਜ ਦੇ ਨੇਤਾਵਾਂ ਨਾਲ ਗੱਲਬਾਤ ਚੱਲ ਰਹੀ ਹੈ। ਦੂਜੇ ਪਾਸੇ ਸ਼ਹਿਰ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਸੁਰੱਖਿਆ ਪੂਰੀ ਤਰ੍ਹਾਂ ਤਾਇਨਾਤ ਰਹੇਗੀ।














