Sell-Aid Desk 24/7- ਪਿਛਲੇ ਸਮੇਂ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਤੇ ਸਰਬਉੱਚਤਾ, ਗੁਰੂ ਕੀ ਗੋਲਕ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਸਿੱਖ ਗੁਰੂ ਸਾਹਿਬਾਨ ਤੇ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਤਿ-ਇਤਰਾਜ਼ਯੋਗ ਗਤੀਵਿਧੀ ਕਰਦਿਆਂ ਦੀ ਸਾਹਮਣੇ ਆਈ ਵੀਡੀਓ ਦੇ ਮਾਮਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਲਈ ਪੁੱਜੇ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੀ ਮੌਜੂਦ ਸਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ. ਭਗਵੰਤ ਸਿੰਘ ਪਾਸੋਂ ਉਨ੍ਹਾਂ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਵਿੱਚ ਲੱਗੇ ਵੱਖ-ਵੱਖ ਦੋਸ਼ਾਂ ਦਾ ਇੱਕ-ਇੱਕ ਕਰਕੇ ਸਪੱਸ਼ਟੀਕਰਨ ਲਿਆ ਗਿਆ ਹੈ।
ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਨੂੰ ਉਨ੍ਹਾਂ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਦੇ ਮਾਮਲਿਆਂ ਵਿੱਚ ਸੱਦਿਆ ਗਿਆ ਸੀ, ਜਿਸ ਉੱਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਣ ਭਾਵ ਨਾਲ ਪ੍ਰਵਾਨ ਕਰਦਿਆਂ ਇਹ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਵੱਲੋਂ ਬੀਤੇ ਸਮੇਂ ਕੁਝ ਗਲਤ ਬਿਆਨੀਆਂ ਹੋਈਆਂ ਹਨ ਅਤੇ ਉਨ੍ਹਾਂ ਸਬੰਧੀ ਸਾਹਮਣੇ ਆਈ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਲਈ ਸਹਿਮਤੀ ਵੀ ਪ੍ਰਗਟਾਈ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਪੰਜਾਬ ਸੂਬੇ ਦੇ ਮੁਖੀ ਵਜੋਂ ਇੱਕ ਸੰਵਿਧਾਨਕ ਅਹੁਦੇ ਉੱਤੇ ਬੈਠੇ ਹਨ, ਜਿਸ ਨੂੰ ਸੰਭਾਲਣ ਲਈ ਉਨ੍ਹਾਂ ਨੇ ਸਹੁੰ ਚੁੱਕਣ ਵੇਲੇ ਧਰਮ ਨਿਰਪੱਖ ਰਹਿਣ ਦਾ ਪ੍ਰਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਮੁੱਖ ਮੰਤਰੀ ਸੂਬੇ ਅੰਦਰ ਮੌਜੂਦ ਹਰ ਧਰਮ ਦਾ ਤਰਜਮਾਨ ਹੁੰਦਾ ਹੈ ਅਤੇ ਸ. ਭਗਵੰਤ ਸਿੰਘ ਵੱਲੋਂ ਬੀਤੇ ਸਮੇਂ ਸਿੱਖ ਧਰਮ ਦੀਆਂ ਰਵਾਇਤਾਂ, ਦਸਵੰਧ ਦੇ ਸਿਧਾਂਤ ਗੁਰੂ ਕੀ ਗੋਲਕ, ਮਰਯਾਦਾ, ਸਿਧਾਂਤਾਂ ਅਤੇ ਅੰਦਰੂਨੀ ਮਾਮਲਿਆਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਉਚਿਤ ਨਹੀਂ ਹਨ, ਜੋ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੀਆਂ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਗੱਲ ਤੋਂ ਵਰਜਿਆ ਗਿਆ ਹੈ ਕਿ ਉਹ ਅਗਾਂਹ ਤੋਂ ਸਿੱਖ ਰਵਾਇਤਾਂ, ਗੁਰੂ ਕੀ ਗੋਲਕ, ਮਰਯਾਦਾ, ਸਿਧਾਂਤਾਂ ਅਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਬਾਰੇ ਇਸ ਤਰ੍ਹਾਂ ਨਾ ਬੋਲਣ।













