ਭਾਰਤ ਦੇ ਕਈ ਰਾਜਾਂ ਵਿਚ ਮੌਸਮ ਇਕਦਮ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਦਾ ਪੈਟਰਨ ਬਦਲ ਗਿਆ ਹੈ। ਆਈਐਮਡੀ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਯਾਨੀ 17 ਮਈ ਤੱਕ ਕਈ ਹਿੱਸਿਆਂ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ ਵਿੱਚ ਗੜੇਮਾਰੀ, ਬਿਜਲੀ ਡਿੱਗਣ ਦੇ ਨਾਲ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। 16 ਅਤੇ 17 ਮਈ ਦੇ ਵਿਚਕਾਰ ਹਿਮਾਚਲ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ।
ਭਿਆਨਕ ਗਰਮੀ ਦੇ ਵਿਚਕਾਰ ਭਾਰਤੀ ਮੌਸਮ ਵਿਭਾਗ (IMD) ਨੇ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਮਾਨਸੂਨ, ਜੋ ਕਿ ਖੇਤੀਬਾੜੀ ਅਤੇ ਦੇਸ਼ ਦੀ ਆਰਥਿਕਤਾ ਲਈ ਬਹੁਤ ਮਹੱਤਵਪੂਰਨ ਹੈ, ਸਮੇਂ ਤੋਂ ਪਹਿਲਾਂ ਸਰਗਰਮ ਹੋ ਗਿਆ ਹੈ।
ਇਹ ਦੱਖਣੀ ਅੰਡੇਮਾਨ ਸਾਗਰ ਵਿੱਚ ਸਰਗਰਮ ਹੋ ਗਿਆ ਹੈ। ਇਸ ਤੋਂ ਇਲਾਵਾ ਇਸ ਕਾਰਨ ਬੰਗਾਲ ਦੀ ਖਾੜੀ ਵਿੱਚ ਵੀ ਕੁਝ ਗੜਬੜੀ ਦਿਖਾਈ ਦੇ ਰਹੀ ਹੈ। ਦੂਜੇ ਪਾਸੇ 13 ਮਈ ਦੀ ਸ਼ਾਮ ਨੂੰ ਮੌਸਮ ਵਿੱਚ ਬਦਲਾਅ ਆਉਣ ਕਾਰਨ ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਲੋਕਾਂ ਨੂੰ ਰਾਹਤ ਮਿਲੀ। ਗਰਮੀ ਤੋਂ ਪੀੜਤ ਲੋਕਾਂ ਨੇ ਤੂਫਾਨ ਦੇ ਨਾਲ ਹੋਈ ਬੂੰਦਾਬਾਂਦੀ ਕਾਰਨ ਰਾਹਤ ਦਾ ਸਾਹ ਲਿਆ।
ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦੇ ਪੈਟਰਨ ਵਿੱਚ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ। ਅਗਲੇ ਕੁਝ ਦਿਨਾਂ ਲਈ ਉੱਤਰ-ਪੂਰਬੀ ਭਾਰਤ ਦੇ ਨਾਲ-ਨਾਲ ਮੱਧ ਅਤੇ ਦੱਖਣੀ ਭਾਰਤ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪਾਰਾ ਹੇਠਾਂ ਆ ਸਕਦਾ ਹੈ। ਆਈਐਮਡੀ ਦੁਆਰਾ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿੱਚ ਆਂਧਰਾ ਪ੍ਰਦੇਸ਼, ਤੱਟਵਰਤੀ ਕਰਨਾਟਕ, ਕੇਰਲ ਅਤੇ ਮਾਹੇ, ਮੱਧ ਮਹਾਰਾਸ਼ਟਰ ਅਤੇ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਕੁਝ ਥਾਵਾਂ ਉਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਨਾਲ-ਨਾਲ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੀ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ…
ਇਸ ਤੋਂ ਇਲਾਵਾ ਅਸਾਮ ਅਤੇ ਮੇਘਾਲਿਆ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਅਤੇ ਕੁਝ ਥਾਵਾਂ ‘ਤੇ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਰੁਣਾਚਲ ਪ੍ਰਦੇਸ਼, ਤੱਟਵਰਤੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਕੁਝ ਥਾਵਾਂ ਉਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਗੁਜਰਾਤ, ਕੇਰਲ ਅਤੇ ਮਾਹੇ, ਕੋਂਕਣ ਅਤੇ ਗੋਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਓਡੀਸ਼ਾ, ਰਾਜਸਥਾਨ, ਤਾਮਿਲਨਾਡੂ ਅਤੇ ਪੁਡੂਚੇਰੀ, ਵਿਦਰਭ ਅਤੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ਉਤੇ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।













