ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ ਅਤੇ ਦੋਸਤਾਨਾ ਕੀੜੇ-ਮਕੌੜੇ ਮਰ ਜਾਂਦੇ ਹਨ। ਧੂੰਏਂ ਕਾਰਨ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਜਾਂਦੀਆਂ ਹਨ। ਧੂੰਆਂ ਸਿਹਤ ਲਈ ਬਹੁਤ ਨੁਕਸਾਨਦੇਹ ਹੈ, ਖਾਸ ਕਰਕੇ ਫੇਫੜਿਆਂ ਲਈ।
ਜਤਿੰਦਰ ਮੋਹਨ, ਗੁਰਦਾਸਪੁਰ
ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਖੇਤ ਵਿੱਚ ਹਲ ਵਾ ਕੇ ਕਣਕ ਦੀ ਬਿਜਾਈ ਕਰਨ ਦੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਬਾਰੇ ਗੱਲ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ, ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਪ੍ਰਬੰਧਨ ਦੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਸ਼ੁਰੂ ਕਰ ਰਹੇ ਹਨ ਅਤੇ ਕਿਸਾਨਾਂ ਨੇ ਪਸ਼ੂਆਂ ਦੇ ਚਾਰੇ ਆਦਿ ਲਈ ਪਰਾਲੀ ਵੀ ਇਕੱਠੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸ ਨੰਗਲ, ਸੋਹਲ, ਖੋਖਰ, ਰਦਾਨ, ਕੋਟਲੀ, ਮੁਸਤਫਾ ਜੱਟਾਂ ਅਤੇ ਭੈਣੀ ਖਾਂ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨ ਪਰਾਲੀ ਪ੍ਰਬੰਧਨ ਲਈ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਬਿਜਾਈ ਕਰਨ ਦੀ ਸਹੁੰ ਖਾਧੀ ਹੈ, ਜੋ ਕਿ ਇੱਕ ਬਹੁਤ ਹੀ ਸ਼ੁਭ ਸੰਕੇਤ ਹੈ।













