Sell-Aid Desk 24/7- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਔਰਤਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤਾ ਗਿਆ 1,000 ਰੁਪਏ ਮਹੀਨਾ ਸਹਾਇਤਾ ਦਾ ਵਾਅਦਾ ਅਗਲੇ ਸੂਬਾ ਬਜਟ ਵਿੱਚ ਪੂਰਾ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਭਾਵੇਂ ਕਿੰਨੇ ਹੀ ਸਵਾਲ ਚੁੱਕਣ ਪਰ ਉਨ੍ਹਾਂ ਦੀ ਸਰਕਾਰ ਹਰ ਗਾਰੰਟੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਵੀ ਆਉਣ ਵਾਲੇ ਕੇਂਦਰੀ ਬਜਟ ਵਿੱਚ ਪੰਜਾਬ ਦੇ ਯੋਗਦਾਨ ਨੂੰ ਦੇਖਦੇ ਹੋਏ ਸੂਬੇ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇਗੀ।
ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਦੇ ਸਲੇਰਨ ਡੈਮ ਵਿਖੇ 2.80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸਲੇਰਨ ਡੈਮ ਵਰਗੇ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਮਾਤ ਦੇਣਗੇ।
ਇੱਥੇ ਸੈਲਾਨੀਆਂ ਲਈ ਚਾਰ ਈਕੋ-ਹੱਟ, ਇੱਕ ਵੱਡੀ ਕੈਫੇਟੇਰੀਆ ਅਤੇ ਬੱਚਿਆਂ ਲਈ 16,000 ਵਰਗ ਫੁੱਟ ਦਾ ਪਲੇਅ-ਗਰਾਊਂਡ ਬਣਾਇਆ ਗਿਆ ਹੈ। ਮਾਨ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਸੀ ਪਰ ਉਨ੍ਹਾਂ ਦੀ ਸਰਕਾਰ ਨੇ 52 ਖਸਤਾਹਾਲ ਰੈਸਟ ਹਾਊਸਾਂ ਨੂੰ ਸੁਰਜੀਤ ਕਰਕੇ ਹਰ ਮਹੀਨੇ 1 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਖੇਤੀਬਾੜੀ ਅਤੇ ਸੁਰੱਖਿਆ ਦੇ ਮੁੱਦਿਆਂ ’ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਜਪਾਨੀ ਕੰਪਨੀ ਨਾਲ ਸਾਂਝੇਦਾਰੀ ਕੀਤੀ ਹੈ, ਜੋ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ ਫ਼ਸਲੀ ਵਿਭਿੰਨਤਾ ਆਵੇਗੀ ਅਤੇ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇਗਾ।
ਅਮਨ-ਕਾਨੂੰਨ ਦੀ ਸਥਿਤੀ ’ਤੇ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਅੱਜ ਸਵਾਲ ਚੁੱਕ ਰਹੇ ਹਨ, ਜਦੋਂਕਿ ਪੁਲੀਸ ‘ਨਸ਼ਿਆਂ ਵਿਰੁੱਧ ਜੰਗ’ ਅਤੇ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਨੂੰ ਰੋਕਣ ਲਈ ਪੰਜਾਬ ਐਂਟੀ-ਡਰੋਨ ਤਕਨਾਲੋਜੀ ਅਪਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।














