Pappu Yadav 31 ਸਾਲ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ

8

Sell-Aid Desk 24/7- ਬਿਹਾਰ ਪੁਲੀਸ ਨੇ ਪੂਰਨੀਆ ਦੇ ਸੰਸਦ ਮੈਂਬਰ ਪੱਪੂ ਯਾਦਵ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਕਿਸੇ ਨਵੇਂ ਮਾਮਲੇ ਵਿੱਚ ਨਹੀਂ ਸਗੋਂ 31 ਸਾਲ ਪੁਰਾਣੇ ਇੱਕ ਕੇਸ ਦੇ ਸਬੰਧ ਵਿੱਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਾਲ 1995 ਵਿੱਚ ਪੱਪੂ ਯਾਦਵ ’ਤੇ ਜ਼ਮੀਨ ’ਤੇ ਕਬਜ਼ਾ ਕਰਨ ਅਤੇ ਧੋਖਾਧੜੀ ਦੇ ਦੋਸ਼ ਲੱਗੇ ਸਨ ਅਤੇ ਇਸ ਪੁਰਾਣੇ ਮਾਮਲੇ ਵਿੱਚ ਹੁਣ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਗ੍ਰਿਫਤਾਰੀ ਦੌਰਾਨ ਖਾਸਾ ਹੰਗਾਮਾ ਹੋਇਆ।

ਜਾਣਕਾਰੀ ਅਨੁਸਾਰ ਜਦੋਂ ਪੁਲੀਸ ਦੀ ਟੀਮ ਪੱਪੂ ਯਾਦਵ ਨੂੰ ਲੈਣ ਪਹੁੰਚੀ ਤਾਂ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਪੁਲੀਸ ਕਾਰਵਾਈ ਦਾ ਵਿਰੋਧ ਕੀਤਾ। ਸਮਰਥਕਾਂ ਦੇ ਵਿਰੋਧ ਦੇ ਬਾਵਜੂਦ ਪੁਲੀਸ ਨੇ ਸੰਸਦ ਮੈਂਬਰ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਦੇਰ ਰਾਤ ਹੀ ਉਨ੍ਹਾਂ ਦਾ ਮੈਡੀਕਲ ਟੈਸਟ ਕਰਵਾਇਆ ਗਿਆ। ਇਸ ਦੌਰਾਨ ਪੱਪੂ ਯਾਦਵ ਨੇ ਆਪਣੀ ਸਿਹਤ ਖ਼ਰਾਬ ਹੋਣ ਦੀ ਸ਼ਿਕਾਇਤ ਵੀ ਕੀਤੀ, ਪਰ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਦੀ ਇੱਕ ਨਾ ਸੁਣੀ।

ਆਪਣੀ ਗ੍ਰਿਫਤਾਰੀ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਪੱਪੂ ਯਾਦਵ ਨੇ ਕਿਹਾ ਕਿ ਉਹ ਹੁਣੇ ਹੀ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈ ਕੇ ਪਰਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਦਾਲਤ ਦੇ ਸੰਮਨ ਬਾਰੇ ਪਤਾ ਸੀ ਅਤੇ ਉਹ ਅਗਲੇ ਦਿਨ ਖੁਦ ਅਦਾਲਤ ਵਿੱਚ ਪੇਸ਼ ਹੋਣ ਵਾਲੇ ਸਨ। ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਕੁਝ ਪੁਲੀਸ ਮੁਲਾਜ਼ਮ ਸਾਦੇ ਕੱਪੜਿਆਂ ਵਿੱਚ ਆਏ ਸਨ ਅਤੇ ਉਨ੍ਹਾਂ ਨੇ ਗ੍ਰਿਫਤਾਰੀ ਦੌਰਾਨ ਦੁਰਵਿਹਾਰ ਕੀਤਾ। ਪੱਪੂ ਯਾਦਵ ਨੂੰ ਅੱਜ ਸ਼ਨਿਚਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਇਸ 31 ਸਾਲ ਪੁਰਾਣੇ ਕੇਸ ਦੀ ਅਗਲੀ ਸੁਣਵਾਈ ਹੋਵੇਗੀ।