ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ, 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਦਿੱਤੀ ਤਰੱਕੀ

78

ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ,ਪੰਜਾਬ ਸਰਕਾਰ ਨੇ 415 ਅਧਿਆਪਕਾਂ ਨੂੰ ਮੁੱਖ ਅਧਿਆਪਕ (ਹੈੱਡਮਾਸਟਰ/ਹੈੱਡਮਿਸਟ੍ਰੈਸ) ਵਜੋਂ ਤਰੱਕੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ (ਬੀਪੀਈਓ) ਨੂੰ ਹੈੱਡਮਾਸਟਰ/ਮੁੱਖ ਅਧਿਆਪਕਾਵਾਂ ਵਜੋਂ ਤਰੱਕੀ ਦਿੱਤੀ ਗਈ ਹੈ।

ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪ੍ਰੋਬੇਸ਼ਨਰੀ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਤਰੱਕੀ ਦੇ ਹੁਕਮ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ ‘ਤੇ ਜਾਰੀ ਕੀਤੇ ਗਏ ਹਨ।

ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਅਕਾਦਮਿਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਇੱਕ ਵੱਡੀ ਜ਼ਿੰਮੇਵਾਰੀ ਨਾਲ ਅਗਵਾਈ ਕਰਨ ਦੇ ਯੋਗ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਹੋਵੇਗਾ।