ਪੰਜਾਬ ਸਰਕਾਰ ਦੇ ਬਜਟ ਖਿਲਾਫ਼ ਸਰਕਾਰੀ ਮੁਲਾਜ਼ਮਾਂ ਦਾ ਵਿਰੋਧ, ਬਜਟ ਦੀਆਂ ਸਾੜੀਆਂ ਕਾਪੀਆਂ

29

ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕਰਨ ਤੋਂ ਬਾਅਦ, ਬਠਿੰਡਾ ‘ਚ ਸਰਕਾਰੀ ਮੁਲਾਜ਼ਮਾਂ ਨੇ ਵਿਰੋਧ ਪ੍ਰਦਰਸ਼ਨ ਕਰਦਿਆਂ ਬਜਟ ਦੀਆਂ ਕਾਪੀਆਂ ਸਾੜ ਦਿੱਤੀਆਂ। ਮੁਲਾਜ਼ਮਾਂ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਬਜਟ ਸਰਕਾਰੀ ਕਰਮਚਾਰੀਆਂ ਲਈ ਨਿਰਾਸ਼ਾਜਨਕ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ।

ਸਰਕਾਰੀ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਅੱਗੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਬਜਟ ‘ਚ ਉਨ੍ਹਾਂ ਲਈ ਕੁਝ ਵੀ ਨਹੀਂ ਰੱਖਿਆ ਗਿਆ। ਮੁਲਾਜ਼ਮਾਂ ਨੇ ਸਰਕਾਰ ‘ਤੇ ਵਾਅਦਾ ਖਿਲਾਫ਼ੀ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਪੇਅ-ਕਮਿਸ਼ਨ ਦੀ ਸਮੀਖਿਆ ਕਰਕੇ ਨਵਾਂ ਪੇਅ-ਸਕੇਲ ਤੁਰੰਤ ਲਾਗੂ ਕੀਤਾ ਜਾਵੇ।

ਮੁਲਾਜ਼ਮ ਆਗੂਆਂ ਨੇ ਕਿਹਾ, “ਸਰਕਾਰ ਨੇ ਹਮੇਸ਼ਾ ਮੁਲਾਜ਼ਮਾਂ ਨੂੰ ਸਹੂਲਤਾਂ ਦੇਣ ਵਾਲੇ ਵਾਅਦੇ ਕੀਤੇ, ਪਰ ਹਰ ਵਾਰੀ ਪਿੱਠ ਫੇਰੀ। ਅਸੀਂ ਇਸ ਬਜਟ ਦੀ ਨਿਖੇਧੀ ਕਰਦੇ ਹੋਏ, ਇਸ ਦੀਆਂ ਕਾਪੀਆਂ ਸਾੜ ਰਹੇ ਹਾਂ।” ਉਨ੍ਹਾਂ ਨੇ ਦੱਸਿਆ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੱਲ ਨਾ ਕੀਤਾ ਗਿਆ, ਤਾਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਆਖਿਰ ‘ਚ ਕਿਹਾ ਕਿ ਉਹ ਆਪਣੇ ਹੱਕਾਂ ਲਈ ਅਖੀਰ ਤੱਕ ਸੰਘਰਸ਼ ਜਾਰੀ ਰੱਖਣਗੇ।