1 ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਸ਼ੁਰੂ ਹੋ ਰਹੀ ਕਣਕ ਦੀ ਖਰੀਦ, ਸਰਕਾਰ ਵੱਲੋਂ ਪੂਰੇ ਪ੍ਰਬੰਧ

56

ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਰਾਜ ਦੀਆਂ ਸਭ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਫਤੇਹਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਖਰੀਦ ਦੇ ਪੂਰੇ ਪ੍ਰਬੰਧ ਕਰ ਲਏ ਗਏ ਹਨ।

ਕਿਸਾਨਾਂ ਨੂੰ ਨਹੀਂ ਆਉਣ ਦੇਵਾਂਗੇ ਕੋਈ ਸਮੱਸਿਆ – ਚੇਅਰਮੈਨ ਢਿੱਲੋਂ

ਚੇਅਰਮੈਨ ਢਿੱਲੋਂ ਨੇ ਦੱਸਿਆ ਕਿ ਸਰਕਾਰ ਵੱਲੋਂ ਖਰੀਦ ਅਤੇ ਭੁਗਤਾਨ ਲਈ ਵੀ ਪੂਰੀ ਤਿਆਰੀ ਕਰ ਲਈ ਗਈ ਹੈ। ਸੀ.ਸੀ. ਲਿਮਟ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਕਿਸਾਨਾਂ ਦੀ ਫ਼ਸਲ ਦੀ ਰਕਮ ਸਮੇਂ ਸਿਰ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਮੰਡੀਆਂ ਵਿੱਚ ਕਿਸੇ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਫ਼ਸਲ ਸੁੱਕੀ ਕਰਕੇ ਮੰਡੀਆਂ ‘ਚ ਲਿਆਉਣ ਦੀ ਅਪੀਲ

ਚੇਅਰਮੈਨ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁੱਕ ਕੇ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਅਤੇ ਖਰੀਦ ਕਰਨ ਵਾਲੀਆਂ ਏਜੰਸੀਜ਼ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਤੁਰੰਤ ਸੰਪਰਕ ਕਰ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨੂੰ ਲੈ ਕੇ ਮੰਡੀਆਂ ਵਿੱਚ ਲਾਜ਼ਮੀ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਖੇਤੀ ਦੀ ਉਚਿਤ ਕੀਮਤ ਮਿਲ ਸਕੇ ਅਤੇ ਖਰੀਦ ਦੀ ਕਾਰਵਾਈ ਬਿਨਾ ਕਿਸੇ ਰੁਕਾਵਟ ਦੇ ਚੱਲ ਸਕੇ।