ਦੇਸ਼ ਭਗਤ ਯੂਨੀਵਰਸਿਟੀ ਦੇ ਯੂਥ ਫੈਸਟੀਵਲ ਨੇ ਵਿਦਿਆਰਥੀਆਂ ਲਈ ਖੂਬਸੂਰਤ ਯਾਦਾਂ ਛੱਡੀਆਂ

49

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਹੋਏ ਰੰਗਾਰੰਗ ਯੂਥ ਫੈਸਟੀਵਲ ਨੇ ਵਿਦਿਆਰਥੀਆਂ ਲਈ ਖੂਬਸੂਰਤ ਯਾਦਾਂ ਛੱਡੀਆਂ। ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਸਮਾਰੋਹ ਦੀ ਸ਼ੁਰੂਆਤ ਕਰਦੇ ਹੋਏ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਲੈਣ ਦੀ ਪ੍ਰੇਰਣਾ ਦਿੱਤੀ।

ਪੰਜਾਬ ਦੇ ਮਸ਼ਹੂਰ ਗਾਇਕ ਆਰ. ਨੈਤ ਨੇ ਗੀਤਾਂ ਰਾਹੀਂ ਸਮਾਗਮ ਨੂੰ ਜੋਸ਼ ਨਾਲ ਭਰ ਦਿੱਤਾ। ਯੂਨੀਵਰਸਿਟੀ ਕੈਂਪਸ ਰੌਣਕਾਂ ਨਾਲ ਗੂੰਜਦਾ ਰਿਹਾ।

ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਸੀਡੈਂਟ ਡਾ. ਸੰਦੀਪ ਸਿੰਘ ਅਤੇ ਵਾਈਸ ਪ੍ਰੈਜੀਡੈਂਟ ਡਾ. ਹਰਸ ਸਦਾਵਰਤੀ ਨੇ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਹਿੱਸਾ ਲਿਆ। ਡਾ. ਸਦਾਵਰਤੀ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਸੱਭਿਆਚਾਰਿਕ ਜਾਗਰੂਕਤਾ ਪੈਦਾ ਕਰਦੇ ਹਨ ਅਤੇ ਉਹਨਾਂ ਦੇ ਵਿਅਕਤੀਗਤ ਵਿਕਾਸ ਲਈ ਬਹੁਤ ਮਦਦਗਾਰ ਸਾਬਤ ਹੁੰਦੇ ਹਨ।

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਭੰਗੜੇ, ਗਿੱਧੇ, ਤੇ ਵੱਖ ਵੱਖ ਰਾਜਾਂ ਅਤੇ ਦੇਸ਼ਾਂ ਦੀਆਂ ਸੱਭਿਆਚਾਰਕ ਝਲਕੀਆਂ ਪੇਸ਼ ਕੀਤੀਆਂ ਗਈਆਂ। ਵਿਦੇਸ਼ੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਵੰਨਗੀਆਂ ਨੇ ਦਰਸ਼ਕਾਂ ਨੂੰ ਖਾਸ ਤੌਰ ‘ਤੇ ਆਕਰਸ਼ਿਤ ਕੀਤਾ।

ਯੂਥ ਫੈਸਟੀਵਲ ਦੌਰਾਨ ਸਮੂਹ ਵਿਦਿਆਰਥੀਆਂ ਨੇ ਜ਼ੋਰਦਾਰ ਭਾਗੀਦਾਰੀ ਦਿਖਾਈ ਅਤੇ ਪੰਜਾਬੀ ਸੱਭਿਆਚਾਰ ਦੀ ਚਮਕ ਨੂੰ ਨਵੀਂ ਉਚਾਈ ਦਿੱਤੀ।