ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਕੋਈ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਤਿੰਦਰ ਮੋਹਨ, ਗੁਰਦਾਸਪੁਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਜ਼ਿਲ੍ਹੇ ਵਿੱਚ ਪਰਾਲੀ ਸਾੜਨ ਸੰਬੰਧੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਪਿੰਡ ਗੁਰਦਾਸ ਨੰਗਲ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮਨਜੀਤ ਸਿੰਘ ਰਾਜਲਾ ਐੱਸ.ਡੀ.ਐੱਮ. ਗੁਰਦਾਸਪੁਰ, ਕੁਲਵੰਤ ਸਿੰਘ ਡੀ.ਐੱਸ.ਪੀ.,ਮਨਜੀਤ ਸਿੰਘ ਏ.ਡੀ.ਓ,ਸ਼੍ਰੀਮਤੀ ਸਰਬਜੀਤ ਕੌਰ, ਸਰਪੰਚ ਗੁਰਦਾਸ ਨੰਗਲ, ਨੰਬਰਦਾਰ ਅਤੇ ਪਿੰਡ ਵਾਸੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਅਧੀਨ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਸਲਾਂ ਦੀ ਰਹਿੰਦ-ਖੂੰਹਦ/ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ, ਜੋ ਕਿ ਇੱਕ ਬਹੁਤ ਵਧੀਆ ਪਹਿਲ ਹੈ।
ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਕੋਈ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਪਰਾਲੀ ਪ੍ਰੋਟੈਕਸ਼ਨ ਫੋਰਸ, ਕਲੱਸਟਰ ਅਤੇ ਨੋਡਲ ਅਫ਼ਸਰ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਅਪੀਲ ਕਰ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਈ ਹੈ। ਪਰਾਲੀ ਪ੍ਰਬੰਧਨ ਲਈ ਬੇਲਰ ਅਤੇ ਸੁਪਰ ਸੀਡਰ ਆਦਿ ਮੁਹੱਈਆ ਕਰਵਾਏ ਗਏ ਹਨ। ਜੇਕਰ ਕਿਸੇ ਕਿਸਾਨ ਨੂੰ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਕੰਟਰੋਲ ਰੂਮ ਨੰਬਰ 01874-266376 ‘ਤੇ ਸੰਪਰਕ ਕਰ ਸਕਦਾ ਹੈ।














