Petrol-diesel prices- ਕੇਂਦਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ

50

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਵਧਾ ਦਿੱਤੀ ਹੈ। ਮਾਲੀਆ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਵੱਲੋਂ ਜਾਰੀ ਇਕ ਅਧਿਕਾਰਤ ਹੁਕਮ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਪੈਟਰੋਲ ’ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 10 ਰੁਪਏ ਕਰ ਦਿੱਤੀ ਗਈ ਹੈ।

ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (PSU Oil Marketing Companies)) ਨੇ ਐਲਾਨ ਕੀਤਾ ਹੈ ਕਿ ਅੱਜ ਤੋਂ ਐਕਸਾਈਜ਼ ਡਿਊਟੀ ਦਰਾਂ ਵਿੱਚ ਵਾਧੇ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਇਹ ਫੈਸਲਾ ਖਪਤਕਾਰਾਂ ਲਈ ਰਾਹਤ ਦੀ ਖਬਰ ਲੈ ਕੇ ਆਇਆ ਹੈ, ਕਿਉਂਕਿ ਆਮ ਤੌਰ ਉਤੇ ਐਕਸਾਈਜ਼ ਡਿਊਟੀ ‘ਚ ਵਾਧੇ ਦਾ ਸਿੱਧਾ ਅਸਰ ਈਂਧਨ ਦੀਆਂ ਕੀਮਤਾਂ ‘ਤੇ ਪੈਂਦਾ ਹੈ।

ਤੇਲ ਮਾਰਕੀਟਿੰਗ ਕੰਪਨੀਆਂ, ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (ਬੀਪੀਸੀਐਲ) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਨੇ ਸਪੱਸ਼ਟ ਕੀਤਾ ਕਿ ਉਹ ਫਿਲਹਾਲ ਇਸ ਵਾਧੂ ਟੈਕਸ ਦਾ ਬੋਝ ਚੁੱਕਣਗੀਆਂ। ਇਸ ਦਾ ਮਤਲਬ ਹੈ ਕਿ ਪੈਟਰੋਲ ਪੰਪਾਂ ਉਤੇ ਈਂਧਨ ਦੀਆਂ ਕੀਮਤਾਂ ਫਿਲਹਾਲ ਸਥਿਰ ਰਹਿਣਗੀਆਂ। ਇਹ ਫੈਸਲਾ ਅਜਿਹੇ ਸਮੇਂ ‘ਚ ਲਿਆ ਗਿਆ ਹੈ ਜਦੋਂ ਵਿਸ਼ਵ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਚੱਲ ਰਿਹਾ ਹੈ ਅਤੇ ਭਾਰਤ ‘ਚ ਈਂਧਨ ਦੀ ਮੰਗ ਲਗਾਤਾਰ ਵਧ ਰਹੀ ਹੈ।

ਐਕਸਾਈਜ਼ ਡਿਊਟੀ ਕੇਂਦਰ ਸਰਕਾਰ ਦੁਆਰਾ ਲਗਾਇਆ ਗਿਆ ਇੱਕ ਟੈਕਸ ਹੈ, ਜੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਇੱਕ ਵੱਡਾ ਹਿੱਸਾ ਬਣਦਾ ਹੈ। ਇਸ ਤੋਂ ਇਲਾਵਾ, ਰਾਜ ਸਰਕਾਰਾਂ ਵੈਟ (ਵੈਲਯੂ ਐਡਿਡ ਟੈਕਸ) ਵੀ ਲਗਾਉਂਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਨਾਲ ਮਿਲ ਕੇ ਤੇਲ ਕੰਪਨੀਆਂ ਦਾ ਇਹ ਕਦਮ ਖਪਤਕਾਰਾਂ ਨੂੰ ਮਹਿੰਗਾਈ ਤੋਂ ਬਚਾਉਣ ਦੀ ਕੋਸ਼ਿਸ਼ ਹੋ ਸਕਦਾ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਇਹ ਸਥਿਤੀ ਕਦੋਂ ਤੱਕ ਜਾਰੀ ਰਹੇਗੀ, ਕਿਉਂਕਿ ਇਸ ਨਾਲ ਕੰਪਨੀਆਂ ਦੇ ਮੁਨਾਫੇ ‘ਤੇ ਅਸਰ ਪੈ ਸਕਦਾ ਹੈ।

ਭਾਰਤ ‘ਚ ਪਿਛਲੇ ਕੁਝ ਸਾਲਾਂ ਤੋਂ ਈਂਧਨ ਦੀਆਂ ਕੀਮਤਾਂ ਚਰਚਾ ਦਾ ਵਿਸ਼ਾ ਰਹੀਆਂ ਹਨ। ਸਰਕਾਰ ਨੇ 2021 ਅਤੇ 2022 ਵਿੱਚ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਸੀ, ਜਿਸ ਨਾਲ ਕੀਮਤਾਂ ਵਿੱਚ ਕੁਝ ਰਾਹਤ ਮਿਲੀ ਸੀ। ਪਰ ਹਾਲ ਦੇ ਮਹੀਨਿਆਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਪ੍ਰਚੂਨ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਖਪਤਕਾਰਾਂ ਨੂੰ ਫਾਇਦਾ ਨਹੀਂ ਮਿਲ ਸਕਿਆ। ਇਸ ਵਾਰ ਤੇਲ ਕੰਪਨੀਆਂ ਦੇ ਇਸ ਫੈਸਲੇ ਦਾ ਸਿੱਧਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ।