Punjab Weather Update: ਪੰਜਾਬ ‘ਚ ਗਰਮੀ ਨੇ ਕਰਵਾਈ ਤੌਬਾ, 37 ਡਿਗਰੀ ਸੈਲਸੀਅਸ ਤੋਂ ਪਾਰ ਹੋਇਆ ਤਾਪਮਾਨ

58

ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਗਰਮੀ ਵਧਣ ਲੱਗੀ ਹੈ ਅਤੇ ਜਿਸ ਦੇ ਕਾਰਨ ਲੋਕ ਹੁਣ ਧੁੱਪ ਵਿੱਚ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ। ਪੰਜਾਬ ਵਿੱਚ ਵੱਧ ਰਹੇ ਤਾਪਮਾਨ ਦੀ ਗੱਲ ਕਰੀਏ ਤਾਂ ਇਹ 37.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਔਸਤ ਜ਼ਿਆਦਾ ਤਾਪਮਾਨ ਤੋਂ 3.3 ਡਿਗਰੀ ਵੱਧਹੈ।

ਅੰਮ੍ਰਿਤਸਰ ‘ਚ ਤਾਪਮਾਨ ‘ਚ ਵੀ ਵਾਧਾ ਦੇਖਣ ਨੂੰ ਮਿਲੇਗਾ। ਘੱਟੋ-ਘੱਟ ਤਾਪਮਾਨ 17.1 ਦਰਜ ਕੀਤਾ ਗਿਆ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਜਲੰਧਰ’ਚ ਘੱਟੋ-ਘੱਟ ਤਾਪਮਾਨ 19 ਡਿਗਰੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਘੱਟੋ-ਘੱਟ ਤਾਪਮਾਨ 17 ਡਿਗਰੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਨੇੜੇ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ‘ਚ ਘੱਟੋ-ਘੱਟ ਤਾਪਮਾਨ 18.6 ਡਿਗਰੀ ਦਰਜ ਕੀਤਾ ਹੈ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਪਹੁੰਚਣ ਦੀ ਸੰਭਾਵਨਾ ਹੈ। ਬਠਿੰਡਾ ‘ਚ ਘੱਟੋ-ਘੱਟ ਤਾਪਮਾਨ 17 ਡਿਗਰੀ ਦਰਜ ਕੀਤਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਸੂਬੇ ਦੇ ਹੁਸ਼ਿਆਰਪੁਰ ‘ਚ ਸਭ ਤੋਂ ਘੱਟ 14.3 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ‘ਚ ਕੁਝ ਥਾਵਾਂ ‘ਤੇ ਤਿੰਨ ਦਿਨ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ ਪਰ ਚੰਡੀਗੜ੍ਹ ‘ਚ ਅੱਜ ਵੀ ਕੁਝ ਥਾਵਾਂ ‘ਤੇ ਹੀਟ ਵੇਵ ਚੱਲ ਸਕਦੀ ਹੈ।

ਮੌਸਮ ਵਿਭਾਗ ਦੇ ਮੁਤਾਬਿਕ 8 ਅਪ੍ਰੈਲ ਨੂੰ ਪੱਛਮੀ ਹਿਮਾਲਿਆ ‘ਚ ਪੱਛਮੀ ਗੜਬੜੀ ਵਾਲੀ ਸਥਿਤੀ ਬਣੀ ਹੋਈ ਹੈ। ਜਿਸ ਤੋਂ ਬਾਅਦ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਸੂਬੇ ਦੇ ਉੱਤਰੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 36 ਡਿਗਰੀ ਸੈਲਸੀਅਸ, ਕੇਂਦਰੀ ਹਿੱਸੇ ਵਿੱਚ 36 ਤੋਂ 38 ਡਿਗਰੀ ਸੈਲਸੀਅਸ ਅਤੇ ਪੱਛਮੀ ਅਤੇ ਦੱਖਣੀ ਹਿੱਸਿਆਂ ਵਿੱਚ 40 ਤੋਂ 42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਤ ਦਾ ਘੱਟੋ-ਘੱਟ ਤਾਪਮਾਨ ਵੀ 20 ਡਿਗਰੀ ਸੈਲਸੀਅਸ ਤੋਂ ਵੱਧ ਰਹੇਗਾ।