ਦੇਸ਼ ਭਰ ਦਾ ਮੌਸਮ ਵਿਚ ਇਕਦਮ ਬਦਲ ਗਿਆ ਹੈ। ਵਧਦਾ ਤਾਪਮਾਨ ਰੁਕ ਗਿਆ ਹੈ। ਹਵਾ ਵਿਚ ਠੰਢਕ ਹੈ। ਇਹ ਸਭ ਪੱਛਮੀ ਗੜਬੜੀ ਕਾਰਨ ਹੋਇਆ। ਇਰਾਨ-ਇਰਾਕ ਵਿੱਚ ਪੈਦਾ ਹੋਈ ਇਸ ਗੜਬੜੀ ਨੇ ਹੌਲੀ-ਹੌਲੀ ਭਾਰਤ-ਪਾਕਿਸਤਾਨ ਦੀ ਸਰਹੱਦ ਤੱਕ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਰਾਜਾਂ ਦੇ ਮੈਦਾਨੀ ਹਿੱਸਿਆਂ ਵਿੱਚ ਵੀ ਬਾਰਿਸ਼ ਹੋ ਰਹੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਪੂਰੇ ਉਤਰੀ ਭਾਰਤ ਵਿਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਇਕ-ਦੋ ਦਿਨ ਜਾਰੀ ਰਹੇਗਾ। ਮੀਂਹ ਕਾਰਨ ਪਾਰਾ ਇਕਦਮ ਥੱਲੇ ਆ ਗਿਆ ਹੈ। ਪੰਜਾਬ ਦੇ ਕਈ ਜ਼ਿਲਿਆਂ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪਿਆ ਹੈ। ਕੱਲ੍ਹ ਇਕ ਮਾਰਚ ਨੂੰ ਵੀ ਮੌਸਮ ਇਸੇ ਤਰ੍ਹਾਂ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਜੰਮੂ-ਕਸ਼ਮੀਰ ਵਿਚ ਗੜਬੜੀ ਦਾ ਖਾਸਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ, ਜਦਕਿ ਉੱਚੇ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਹੇਠਲੇ ਹਿੱਸਿਆਂ ‘ਚ ਬਾਰਿਸ਼ ਜਾਰੀ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਇਹੀ ਸਥਿਤੀ ਹੈ। ਮੀਂਹ ਅਤੇ ਬਰਫਬਾਰੀ ਦਾ ਇਹ ਦੌਰ ਇਸ ਹਫਤੇ ਦੇ ਅੰਤ ਅਤੇ ਅਗਲੇ ਹਫਤੇ ਦੀ ਸ਼ੁਰੂਆਤ ਤੱਕ ਚੱਲੇਗਾ। ਹਿਮਾਚਲ ਪ੍ਰਦੇਸ਼ ਵਿਚ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਮੁਤਾਬਕ ਸ਼ੁੱਕਰਵਾਰ ਨੂੰ ਵੀ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ-ਹਰਿਆਣਾ, ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਰਾਜਾਂ ਵਿੱਚ ਮੀਂਹ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਹਰਿਆਣਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨਸੀਆਰ, ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿਚ ਤਾਪਮਾਨ ਵਿੱਚ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਰਾਜਾਂ ਵਿੱਚ ਵੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਤੱਕ ਉੱਤਰ-ਪੂਰਬੀ ਰਾਜਾਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਦੱਖਣ ਵਿਚ ਵੀ ਬਾਰਿਸ਼
ਮੌਸਮ ਵਿਭਾਗ ਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਕੇਰਲ ਅਤੇ ਮਾਹੇ, ਲਕਸ਼ਦੀਪ ਵਿੱਚ 02 ਮਾਰਚ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 02 ਮਾਰਚ ਤੋਂ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 02-05 ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ, ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।













