Sell-Aid Desk 24/7- ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਸਰਕਾਰ ਅਤੇ ਬਠਿੰਡਾ ਪ੍ਰਸ਼ਾਸਨ ਵਾਰ-ਵਾਰ ਵਾਅਦੇ ਕਰਕੇ ਮੁੱਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ (ਬਲਦੇਵ ਸਿੰਘ ਅਤੇ ਸ਼ਗਨਦੀਪ ਸਿੰਘ) ਨੂੰ ਰਿਹਾਅ ਕਰਾਉਣ ਲਈ ਹੁਣ ਸਰਕਾਰ ਨੂੰ 14 ਫ਼ਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਉਗਰਾਹਾਂ ਨੇ ਦੋਸ਼ ਲਾਇਆ ਕਿ ਸਰਕਾਰ ਮਸਲਾ ਹੱਲ ਕਰਨ ਦੀ ਬਜਾਏ ਕਿਸਾਨਾਂ ‘ਤੇ ਲਾਠੀਚਾਰਜ ਕਰ ਰਹੀ ਹੈ ਅਤੇ ਝੂਠੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 14 ਤਾਰੀਖ਼ ਤੱਕ ਕਿਸਾਨ ਰਿਹਾਅ ਨਾ ਕੀਤੇ ਗਏ, ਤਾਂ ਜਥੇਬੰਦੀ ਕੋਈ ਵੱਡਾ ਕਦਮ ਚੁੱਕੇਗੀ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ‘ਤੇ ਦਰਜ ਕੀਤੇ ਪੁਲੀਸ ਕੇਸ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਮੁਤਾਬਕ ਇਹ ਆਗੂ ਸਕੂਲਾਂ ਵਿੱਚ ਭ੍ਰਿਸ਼ਟਾਚਾਰ ਅਤੇ ਜ਼ਮੀਨਾਂ ਬਚਾਉਣ ਦੀ ਲੜ੍ਹਾਈ ਲੜ੍ਹ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੈ।













