ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਚ ਪੰਜਾਬ ਅੱਗੇ, CM ਮਾਨ ਦਾ ਵੱਡਾ ਐਲਾਨ

5
Sell-Aid Desk 24/7- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਹੋਈ ਇੱਕ ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਕਾਡਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਨੂੰ ਇੱਕ ਵੱਡੀ ਲੋਕ ਲਹਿਰ ਵਿੱਚ ਬਦਲਣ ਲਈ ਆਪਣੇ ਯਤਨ ਹੋਰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ।
ਲੋਕ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਸਪੱਸ਼ਟ ਉਦੇਸ਼ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੇ ਵੱਡੇ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਦਿੱਤੀ ਸੀ, ਪਰ ‘ਆਪ’ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ 28,000 ਤੋਂ ਵੱਧ ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 88 ਫੀਸਦ ਦੋਸ਼ੀ ਠਹਿਰਾਉਣ ਦੀ ਦਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲਾਕੁੰਨ ਕਾਰਵਾਈ ਨਾਲ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਨਵੀਂ ਦਿਸ਼ਾ ਮਿਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਜਿੱਤਣ ਦੇ ਬਹੁਤ ਨੇੜੇ ਪਹੁੰਚ ਚੁੱਕਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਰਫ਼ ਪੁਲਿਸ ਜਾਂ ਸਰਕਾਰੀ ਕਾਰਵਾਈ ਨਾਲ ਨਹੀਂ, ਸਗੋਂ ਇੱਕ ਮਜ਼ਬੂਤ ਲੋਕ ਲਹਿਰ ਰਾਹੀਂ ਹੀ ਇਹ ਜੰਗ ਜਿੱਤੀ ਜਾ ਸਕਦੀ ਹੈ। ਉਥੇ ਹੀ ਉਨ੍ਹਾਂ ਦੁਹਰਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਖੁੱਲੀ ਛੂਟ ਦਿੱਤੀ ਸੀ, ਜਦਕਿ ਮੌਜੂਦਾ ਸਰਕਾਰ ਇਸ ‘ਤੇ ਸਖ਼ਤੀ ਨਾਲ ਨਕੇਲ ਪਾ ਰਹੀ ਹੈ।