ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਸਲੋਗਨ ਹੇਠ ਸਕੂਲਾਂ ਦਾ ਨਵੀਨੀਕਰਨ ਸ਼ੁਰੂ

83

ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ” ਦੇ ਸਲੋਗਨ ਹੇਠ ਅੱਜ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਅਹਿਮ ਪਹਲ ਦਾ ਮਕਸਦ ਸਿੱਖਿਆ ਦੇ ਖੇਤਰ ਵਿੱਚ ਧਾਰੂ ਪਰਿਵਰਤਨ ਲਿਆਉਣਾ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਹੈ।

ਲੁਧਿਆਣਾ ਦੇ ਨੀਚੀ ਮੰਗਲੀ ਵਿਖੇ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 22.6 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਗਏ ਸਰਕਾਰੀ ਸਕੂਲ ਦਾ ਉਦਘਾਟਨ ਕੀਤਾ। ਇਸ ਅਧੀਨ ਸਕੂਲ ਵਿੱਚ ਨਵੇਂ ਬਾਥਰੂਮ, ਵਿਗਿਆਨ ਲੈਬ, ਅਤੇ ਕਲਾਸਰੂਮਾਂ ਦੀ ਸਫ਼ਾਈ ਅਤੇ ਰੱਖ-ਰਖਾਅ ਨੂੰ ਨਵੀਂ ਰੂਪ-ਰੇਖਾ ਦਿੱਤੀ ਗਈ ਹੈ।

ਕੈਬਨਟ ਮੰਤਰੀ ਨੇ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਇਕ ਕਲਾਸ ਲੈ ਕੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਨਾਤੇ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।