ਯੂਨੀਵਰਸਿਟੀ ਨੇ ਮਨਾਇਆ 18ਵਾਂ ਸਥਾਪਨਾ ਦਿਵਸ

57

Sell-Aid Desk24/7- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਨੇ ਆਪਣਾ 18ਵਾਂ ਸਥਾਪਨਾ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਹੋਈ। ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ ਨੂੰ ਯੂਨੀਵਰਸਿਟੀ ਦੇ 16 ਸਾਲਾਂ ਦੀ ਸਫਲ ਯਾਤਰਾ ਪੂਰੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ 2024–25 ਅਕਾਦਮਿਕ ਸਾਲ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ ਨੇ ਕੇਵਲ ਅਕਾਦਮਿਕ ਖੇਤਰ ਵਿੱਚ ਹੀ ਨਹੀਂ ਸਗੋਂ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਮੈਂਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਫੋਰਥ ਸੈਂਟੇਨਰੀ ਮੈਮੋਰੀਅਲ ਟਰੱਸਟ ਨੇ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਗੱਲ ਤੇ ਖੁਸ਼ੀ ਪ੍ਰਗਟ ਕੀਤੀ ਕਿ ਇਸ ਸਾਲ ਦਾਖਲਿਆਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਰਜ ਸਿੰਘ ਨੇ ਸ਼ਬਦ ਕੀਰਤਨ ਕੀਤਾ। ਉਪਰੰਤ ਵਿਦਿਆਰਥੀਆਂ ਨੇ ਵਾਰ ਗਾਇਨ ਤੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਅਜਮੇਰ ਸਿੰਘ ਖੈਹਰਾ ਮੈਂਬਰ ਸੈਨੇਟ ਨੇ ਕਿਹਾ ਕਿ ਯੂਨੀਵਰਸਿਟੀ ਆਪਣੀ ਦ੍ਰਿਸ਼ਟੀਕੋਣ ਅਨੁਸਾਰ ਦੁਨੀਆ ’ਚ ਸ਼ਾਂਤੀ ਅਤੇ ਖੁਸ਼ਹਾਲੀ ਲਈ ਯੋਗਦਾਨ ਪਾ ਰਹੀ ਹੈ ਅਤੇ ਸਾਂਝ, ਸ਼ਾਂਤੀ ਤੇ ਸੇਵਾ ਦੇ ਮੁੱਲਾਂ ਨੂੰ ਕਾਇਮ ਰੱਖ ਰਹੀ ਹੈ। ਸੰਗੀਤ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਹਾਜ਼ਰ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਮਿਸ਼ਨ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਮੁੱਲਾਂ ਤੇ ਅਧਾਰਿਤ ਗਿਆਨ-ਅਧਾਰਤ ਸਮਾਜ ਬਣਾਉਣ ਲਈ ਵਚਨਬੱਧ ਹੈ। ਸਮਾਰੋਹ ਵਿਚ ਅਕਾਲੀ ਆਗੂ ਜਗਦੀਪ ਸਿੰਘ ਚੀਮਾ, ਅਵਤਾਰ ਸਿੰਘ ਰਿਆ, ਜੋਗਾ ਸਿੰਘ ਮੈਨੇਜਰ ਮੌਜੂਦ ਸਨ। ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਮਾਣਯੋਗ ਮਹਿਮਾਨ ਵੀ ਇਸ ਮੌਕੇ ਸ਼ਾਮਲ ਹੋਏ। ਸਮਾਗਮ ਦੀ ਅਗਵਾਈ ਡਾ. ਪਲਵਿੰਦਰ ਕੌਰ ਨੇ ਕੀਤੀ।