ਵਿਦੇਸ਼ ਮੰਤਰਾਲੇ ਨੇ ਖੇਤੀ ਮੰਤਰੀ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਨਹੀਂ ਦਿੱਤੀ ਪ੍ਰਵਾਨਗੀ

44

ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਰਾਜਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖੁੱਡੀਆਂ ਨੇ 29 ਮਾਰਚ ਨੂੰ ਅਮਰੀਕਾ ਲਈ ਸਰਕਾਰੀ ਦੌਰੇ ’ਤੇ ਰਵਾਨਾ ਹੋਣਾ ਸੀ। ਉਨ੍ਹਾਂ ਨਾਲ ਜਾਣ ਵਾਲੇ ਵਫ਼ਦ ਨੂੰ ਵੀ ਦੌਰੇ ਦੀ ਪ੍ਰਵਾਨਗੀ ਨਹੀਂ ਮਿਲੀ ਹੈ। ਇਹ ਪਹਿਲੀ ਦਫ਼ਾ ਨਹੀਂ ਹੈ ਜਦੋਂ ਕੇਂਦਰ ਤੋਂ ਪੰਜਾਬ ਦੇ ਕਿਸੇ ਆਗੂ ਨੂੰ ਵਿਦੇਸ਼ ਦੌਰੇ ਦੀ ਮਨਜ਼ੂਰੀ ਨਹੀਂ ਮਿਲੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਵਜ਼ੀਰਾਂ ਨੂੰ ਵੀ ਵਿਦੇਸ਼ ਜਾਣ ਵਾਸਤੇ ਕੇਂਦਰ ਨੇ ਹਰੀ ਝੰਡੀ ਨਹੀਂ ਦਿੱਤੀ ਸੀ।

ਪੰਜਾਬ ਸਰਕਾਰ ਨੇ ਵਿਦੇਸ਼ ਮੰਤਰਾਲੇ ਤੋਂ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਅਮਰੀਕਾ ਦੌਰੇ ਲਈ ਕੁੱਝ ਦਿਨ ਪਹਿਲਾਂ ਰਾਜਸੀ ਪ੍ਰਵਾਨਗੀ ਮੰਗੀ ਸੀ। ਵਿਦੇਸ਼ ਮੰਤਰਾਲੇ ਨੇ ਹੁਣ ਸੂਬਾ ਸਰਕਾਰ ਨੂੰ ਸੂਚਨਾ ਭੇਜ ਕੇ ਖੁੱਡੀਆਂ ਨੂੰ ਵਿਦੇਸ਼ ਦੌਰੇ ਲਈ ਰਾਜਸੀ ਪ੍ਰਵਾਨਗੀ ਨਾ ਦੇਣ ਦੇ ਫ਼ੈਸਲੇ ਤੋਂ ਜਾਣੂ ਕਰਾਇਆ ਹੈ। ਵਿਦੇਸ਼ ਮੰਤਰਾਲੇ ਨੇ ਦੌਰੇ ਦੀ ਪ੍ਰਵਾਨਗੀ ਨਾ ਦੇਣ ਦੇ ਕਾਰਨਾਂ ਦਾ ਕੋਈ ਹਵਾਲਾ ਨਹੀਂ ਦਿੱਤਾ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪਰੈਲ ਤੱਕ ਅਮਰੀਕਾ ਦੇ ਸਰਕਾਰੀ ਦੌਰੇ ’ਤੇ ਜਾਣਾ ਸੀ। ਉਨ੍ਹਾਂ ਦੌਰੇ ਦੀ ਰਾਜਸੀ ਪ੍ਰਵਾਨਗੀ ਨਾ ਮਿਲਣ ਦੀ ਪੁਸ਼ਟੀ ਕੀਤੀ ਹੈ।