ਵਿਧਾਨ ਸਭਾ ਘੇਰਨ ਜਾਂਦੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ

2

Sell-Aid Desk 24/7- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੈਕਟਰ 15 ਸਥਿਤ ਪਾਰਟੀ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਕਾਂਗਰਸੀ ਇਕੱਠੇ ਹੋਏ ਅਤੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ, ਜਦੋਂ ਇਹ ਕਾਫਲਾ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅੱਗੇ ਵਧਿਆ ਤਾਂ ਚੰਡੀਗੜ੍ਹ ਪੁਲੀਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਰਾਜਾ ਵੜਿੰਗ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਬਾਅਦ ਦੁਪਹਿਰ ਰਿਹਾਅ ਕਰ ਦਿੱਤਾ ਗਿਆ। ਰਾਜਾ ਵੜਿੰਗ ਨੇ ‘ਆਪ’ ਸਰਕਾਰ ਨੂੰ ਹਰ ਫਰੰਟ ’ਤੇ ਨਾਕਾਮ ਕਰਾਰ ਦਿੰਦਿਆਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ। ਸਰਕਾਰ ਨੂੰ ਨਾ ਸਿਰਫ ਇਹ ਸਕੀਮ ਤੁਰੰਤ ਲਾਗੂ ਕਰਨੀ ਚਾਹੀਦੀ ਹੈ, ਸਗੋਂ ਪਿਛਲੇ ਚਾਰ ਸਾਲਾਂ ਦਾ ਬਕਾਇਆ 48,000 ਰੁਪਏ ਵੀ ਔਰਤਾਂ ਨੂੰ ਜਾਰੀ ਕਰਨਾ ਚਾਹੀਦਾ ਹੈ। ਕਾਂਗਰਸ ਨੂੰ ਸੱਤਾ ਤੋਂ ਦੂਰ ਰੱਖਣ ਲਈ ‘ਆਪ’ ਅਤੇ ਭਾਜਪਾ ਵਿਚਾਲੇ ਗੁਪਤ ਸਮਝੌਤਾ ਹੋਇਆ ਹੈ।

ਪੰਜਾਬ ਦੇ ਲੋਕ ਇਨ੍ਹਾਂ ਚਾਲਾਂ ਤੋਂ ਜਾਣੂ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸ ਦਾ ਮੋੜਵਾਂ ਜਵਾਬ ਦੇਣਗੇ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ, ਬਲਬੀਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ, ਹਰਦਿਆਲ ਸਿੰਘ ਕੰਬੋਜ ਅਤੇ ਗੌਰਵ ਸੰਧੂ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ।

ਕਾਂਗਰਸ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਗੈਂਗਸਟਰ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਸਰਕਾਰ ਨਸ਼ਾ ਤਸਕਰਾਂ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ। ‘ਆਪ’ ਸਰਕਾਰ ਖਣਨ ਤੋਂ 20 ਹਜ਼ਾਰ ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦੇ ਦਾਅਵੇ ਕਰਦੀ ਸੀ ਪਰ ਹਕੀਕਤ ਇਹ ਹੈ ਕਿ ਪੰਜਾਬ ਸਿਰ ਕਰਜ਼ਾ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਇਸ ਸਾਲ ਦੇ ਅੰਤ ਤੱਕ ਇਹ 5 ਲੱਖ ਕਰੋੜ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਗੁਜਰਾਤ ਅਤੇ ਗੋਆ ਦੀਆਂ ਚੋਣਾਂ ’ਤੇ ਖਰਚਿਆ ਗਿਆ ਹੈ, ਜਿਸ ਕਾਰਨ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਹੈ।