Sell-Aid Desk24/7- ਮੇਰੇ ਪੁੱਤ ਦਾ ਸੁਫ਼ਨਾ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨਾ ਸੀ ਅਤੇ ਉਹ ਸੁਫ਼ਨੇ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ ਅਤੇ ਉਸ ਦੀ ਫੋਟੋ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕਾਂਗਰਸ ਦੁਆਰਾ ਕੀਤੇ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਆਲ ਇੰਡੀਆ ਕਾਂਗਰਸ ਵੱਲੋਂ ਦੇਸ਼ ਭਰ ਦੇ ਵਿੱਚ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੀ ਅਬਜਰਵਰ ਅਨਿਲ ਚੌਧਰੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਮਾਨਸਾ ਜ਼ਿਲ੍ਹੇ ਦੇ ਵਿੱਚ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਲਏ ਜਾ ਰਹੇ ਹਨ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮਾਨਸਾ ਵਿਖੇ ਰੱਖੇ ਇੱਕ ਸਮਾਗਮ ਦੌਰਾਨ ਕਾਂਗਰਸੀ ਆਗੂਆਂ ‘ਤੇ ਆਪਣੇ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਕਿ ਅੱਜ ਕੁਝ ਲੀਡਰ ਆਪਣੇ ਆਪ ਨੂੰ ਵੱਡਾ ਦਿਖਾਉਣ ਦੇ ਲਈ ਵੱਖ-ਵੱਖ ਥਾਵਾਂ ‘ਤੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਕਿ ਰਾਹੁਲ ਗਾਂਧੀ ਦੀ ਟੀਮ ਵੱਲੋਂ ਇੱਕ ਕਾਬਿਲ ਅਤੇ ਪੜ੍ਹੇ-ਲਿਖੇ ਵਿਅਕਤੀ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ਦਾ ਅਭਿਆਨ ਜੋ ਸ਼ੁਰੂ ਕੀਤਾ ਗਿਆ ਹੈ, ਉਸ ਤਹਿਤ ਜ਼ਿਲ੍ਹਾ ਪ੍ਰਧਾਨ ਦੀ ਚੋਣ ਹੋ ਰਹੀ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੌਰਾਨ ਕਿਹਾ ਕਿ ਮੇਰੇ ਪੁੱਤ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੇ ਬਾਵਜੂਦ ਵੀ ਲੋਕਾਂ ਨੇ ਮੇਰਾ ਸਾਥ ਦਿੱਤਾ ਤੇ ਅੱਜ ਵੀ ਮੇਰੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਮੈਂ ਮੇਰੇ ਪੁੱਤ ਦੇ ਅਧੂਰੇ ਸੁਫ਼ਨੇ ਨੂੰ ਪੂਰਾ ਕਰਾਂਗਾ। ਅਸੀਂ ਚੋਣ ਵੀ ਜ਼ਰੂਰ ਲੜਾਂਗੇ ਅਤੇ ਜਿੱਤਾਂਗੇ ਵੀ ਅਤੇ ਆਪਣੇ ਪੁੱਤ ਦੀ ਫੋਟੋ ਨੂੰ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਜੋ ਉਸ ਨੇ ਆਪਣੇ ਹਲਕੇ ਦੇ ਲਈ ਸੁਫ਼ਨੇ ਸੋਚੇ ਸਨ, ਉਨ੍ਹਾਂ ਸੁਫ਼ਨਿਆਂ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ।
ਜਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਵਿੱਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਅਤੇ ਮੁਕੱਦਮਾ ਮਾਨਸਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਮੁਤਾਬਕ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ।













